ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਪਾਸਪੋਰਟ

By  Pardeep Singh June 20th 2022 02:19 PM

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਨੂੰ  ਪਾਸਪੋਰਟ ਵੰਡੇ ਗਏ ਹਨ। ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਸੁਪਰਡੈਂਟ ਬਲਵਿੰਦਰ ਸਿੰਘ ਖੈਰਾਬਾਦ ਨੇ ਦੱਸਿਆ ਕਿ ਜੱਥਾ ਕੱਲ੍ਹ 21 ਜੂਨ ਨੂੰ ਸਵੇਰੇ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਲੱਗੇ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ। ਜ਼ਿਕਰਯੋਗ ਹੈ ਕਿ ਦੂਜੇ ਪਾਸੇ ਬੀਤੇ ਦਿਨੀ ਕੇਂਦਰ ਸਰਕਾਰ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਜੱਥੇ ਦੇ ਨਾਲ ਗਿਆ ਕੋਈ ਸ਼ਰਧਾਲੂ ਜੇਕਰ ਪਾਕਿਸਤਾਨ ਪਹੁੰਚ ਜਾਂਦਾ ਹੈ ਅਤੇ ਕਿਸੇ ਪਾਕਿ ਅਧਿਕਾਰੀ ਜਾਂ ਪਾਕਿ ਨਿਵਾਸੀ ਦੀ ਮਹਿਮਾਨ ਨਿਵਾਜ਼ੀ ਦਾ ਹਿੱਸਾ ਬਣ ਜਾਂਦਾ ਹੈ ਤਾਂ ਉਸ ਦਾ ਨਾਂ ਬਲੈਕ ਲਿਸਟ ਯਾਨੀ ਕਿ ਕਾਲੀ ਸੂਚੀ ਵਿਚ ਪਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਾਕਿਸਤਾਨੀ ਅਧਿਕਾਰੀਆਂ ਦੇ ਕਿਸੇ ਵੀ ਤਰ੍ਹਾਂ ਦੇ ਤਾਲਮੇਲ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਤਿੰਨ ਸੌ ਤੋਂ ਵੱਧ ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋ ਰਿਹਾ ਹੈ। ਇਹ ਜੱਥਾ 21 ਜੂਨ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਲਈ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰੇਗਾ। 22 ਜੂਨ ਨੂੰ ਜਥਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਜਾਵੇਗਾ। 24 ਜੂਨ ਨੂੰ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਜਾਵੇਗਾ।ਇਹ ਜਥਾ 27 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚੇਗਾ ਅਤੇ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।

ਇਹ ਵੀ ਪੜ੍ਹੋ:ਅਗਨੀਪਥ ਸਕੀਮ ਨੂੰ ਲੈ ਕੇ ਸਾਬਕਾ ਫੌਜੀਆਂ ਵੱਲੋਂ ਰੋਸ ਪ੍ਰਦਰਸ਼ਨ, ਵੇਖੋ ਤਸਵੀਰਾਂ

-PTC News

Related Post