ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ, ਪਹਿਚਾਣ ਰੱਖੀ ਜਾਵੇਗੀ ਗੁਪਤ - BSF

By  Jasmeet Singh October 1st 2022 06:34 PM

Special press conference by DIG of BSF: ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀਆਂ ਗਤੀਵਿਧੀਆਂ ਵੱਧਦੀਆਂ ਜਾ ਰਹੀਆਂ ਹਨ ਜਿਸ ਨੂੰ ਲੈਕੇ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਸਰਹੱਦੀ ਇਲਾਕਿਆਂ ਦੇ ਲੋਕ ਬੀਐਸਐਫ ਦਾ ਸਾਥ ਦੇਣ ਤਾਂ ਜੋ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਬੀਐਸਐਫ ਵਲੋਂ ਭਾਰਤੀ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਾਕਿਸਤਾਨ ਦੇ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ ਕੇ ਜ਼ਬਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਐਸਐਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਸਐਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ।

-PTC News

Related Post