SGPC ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ ਲਈ ਗੁਰੂ ਘਰਾਂ ਵਿਚ ਆਰਜ਼ੀ ਵਾਡਰ ਸਥਾਪਿਤ 

By  Shanker Badra May 4th 2021 06:05 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਕਾਰਨ ਮੌਜੂਦਾਂ ਹਾਲਾਤਾਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਆਕਸੀਜਨ ਪਲਾਂਟ ਤਿਆਰ ਕੀਤਾ ਗਿਆ ਹੈ, ਜੋ ਇੱਕ ਹਫਤੇ ਤੱਕ ਸੇਵਾਵਾਂ ਆਰੰਭ ਦੇਵੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਕੇਂਦਰ ਸਰਕਾਰ ਦੀ ਮਨਜੂਰੀ ਹਾਸਲ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਦੀਆਂ ਸ਼ਰਤਾਂ ਅਨੁਸਾਰ 2 ਵੱਡੇ ਜਨਰੇਟਰ ਵੀ ਖਰੀਦੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਹਵਾ ਤੋਂ ਆਕਸੀਜਨ ਤਿਆਰ ਕਰਨ ਲਈ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਲਈ ਅਮਰੀਕਾ ਦੇ ਇੱਕ ਸ਼ਰਧਾਲੂ ਨੇ 200 ਕਾਨਸੰਟ੍ਰੇਟਰ ਦੀ ਸੇਵਾ ਕਰਵਾਈ ਹੈ।

ਇਸ ਤੋਂ ਇਲਾਵਾ ਜਰੂਰਤ ਅਨੁਸਾਰ ਸ਼੍ਰੋਮਣੀ ਕਮੇਟੀ ਖੁਦ ਵੀ ਕਾਨਸੰਟ੍ਰੇਟਰ ਖਰੀਦੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਪਹਿਲਾਂ ਹੀ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ, ਜਿਸ ਵਿਚ 100 ਬੈੱਡ ਅਤੇ 37 ਵੈਂਟੀਲੇਟਰਾਂ ਦਾ ਪ੍ਰਬੰਧ ਹੈ।  ਹੁਣ ਵਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦੀਵਾਨ ਹਾਲ ਵਿਚ ਦੋ ਭਾਗਾਂ ਵਿਚ 25-25 ਬੈੱਡਾਂ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ 25 ਬੈਡਾਂ ਦਾ ਆਰਜੀ ਵਾਰਡ ਤਿਆਰ ਕੀਤਾ ਜਾ ਰਿਹਾ ਹੈ।

ਇਥੇ ਕਾਨਸੰਟ੍ਰੇਟਰ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਵਿੱਤੀ ਕੰਮ ਕਾਜ ਨੂੰ ਪਾਰਦਰਸ਼ੀ ਢੰਡ ਨਾਲ ਆਡਿਟ ਕਰਨ ਲਈ 24 ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

-PTCNews

Related Post