SGPC ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ

By  Shanker Badra September 24th 2021 04:14 PM

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।

ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ ਬਣਾਏ ਗਏ ਸਨ, ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲਾ ਵਰਗ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਸਰਾ ਵਰਗ ਅਤੇ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਦਾ ਤੀਸਰਾ ਵਰਗ ਬਣਾਇਆ ਗਿਆ ਸੀ। ਵਿਦਿਆਰਥੀਆਂ ਨੂੰ ਦਿੱਤੇ ਗਏ ਵਿਸ਼ਿਆਂ ਵਿਚ ਦਰਸ਼ਨੀ ਸਿੰਘਣੀ ਦੀ ਤਸਵੀਰ, ਸਿੱਖ ਸਾਜ਼ ਰਬਾਬ/ਦਿਲਰੁਬਾ, ਲੰਗਰ ਸੇਵਾ ਦਾ ਦ੍ਰਿਸ਼, ਸ. ਸ਼ਾਮ ਸਿੰਘ ਅਟਾਰੀ, ਬਾਬਾ ਬਘੇਲ ਸਿੰਘ, ਭਗਤ ਪੂਰਨ ਸਿੰਘ, ਭਾਈ ਲਛਮਣ ਸਿੰਘ ਧਾਰੋਵਾਲੀ, ਸ. ਤੇਜਾ ਸਿੰਘ ਸਮੁੰਦਰੀ ਹਾਲ ਅਤੇ ਗੁਰੂ ਕੇ ਬਾਗ ਦੇ ਮੋਰਚੇ ਨੂੰ ਦਰਸਾਉਂਦੇ ਦ੍ਰਿਸ਼ ਸ਼ਾਮਲ ਸਨ।

ਪੇਂਟਿੰਗ ਮੁਕਾਬਲਿਆਂ ਵਿਚ ਜੱਜਮੈਂਟ ਲਈ ਹਰਦੀਪ ਸਿੰਘ, ਜਸਪਾਲ ਸਿੰਘ ਤੇ ਮਨਦੀਪ ਸਿੰਘ ਨੇ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਇਸ ਪੇਂਟਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਰੋਕਾਰਾਂ ਨਾਲ ਸਬੰਧਤ ਤਸਵੀਰਾਂ ਬਣਾਈਆਂ ਹਨ।

ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਆਉਣ-ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 27 ਸਤੰਬਰ ਨੂੰ ਹੋਣ ਵਾਲਾ ਲਿਖਤੀ ਇਮਤਿਹਾਨ ਹੁਣ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ, ਡਾ. ਰਣਜੀਤ ਕੌਰ ਪੰਨਵਾਂ, ਡਾ. ਸਿਮਰਨਜੀਤ ਕੌਰ, ਡਾ. ਹਰਪ੍ਰੀਤ ਸਿੰਘ, ਬੀਬੀ ਗੁਰਮੀਤ ਸਿੰਘ, ਬੀਬੀ ਕਿਰਨਦੀਪ ਕੌਰ, ਅਰਮਨਜੀਤ ਸਿੰਘ, ਸੁਰਜੀਤ ਸਿੰਘ ਰਾਣਾ, ਜਸਪਾਲ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ।

-PTCNews

Related Post