ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਲੈਣ 'ਤੇ ਮਾਪਿਆਂ ਨੇ ਸਿੱਖਿਆ ਮੰਤਰੀ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By  Shanker Badra May 26th 2020 05:19 PM

ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਲੈਣ 'ਤੇ ਮਾਪਿਆਂ ਨੇ ਸਿੱਖਿਆ ਮੰਤਰੀ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ:ਭਵਾਨੀਗੜ੍ਹ  : ਲਾਕਡਾਊਨ ਕਰਕੇ ਕਾਰੋਬਾਰ ਠੱਪ ਹੋਣ ਦੇ ਬਾਵਜੂਦ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਫੀਸਾਂ ਜਮਾਂ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਭਵਾਨੀਗੜ੍ਹ ਵਿਖੇ ਪ੍ਰਾਈਵੇਟ ਸਕੂਲ ਵੱਲੋਂ ਫੀਸ ਲੈਣ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਦੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਹਾਈਕੋਰਟ ਦੇ ਉਸ ਫੈਸਲੇ ਖਿਲਾਫ਼ ਰੋਸ ਪ੍ਰਗਟ ਕੀਤਾ ਹੈ,ਜਿਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ 70 ਫ਼ੀਸਦੀ ਫੀਸਾਂ ਵਸੂਲਣ ਦੀ ਆਗਿਆ ਦਿੱਤੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਪਹਿਲਾਂ ਤਾਂ ਫੀਸ ਨਾ ਭਰਨ ਦੀ ਗੱਲ ਕਹੀ ਸੀ।

ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਲਾਕਡਾਊਨ ਕਾਰਨ ਵਿਦਿਅਕ ਸੰਸਥਾਵਾਂ ਬੰਦ ਹਨ ਤਾਂ ਫ਼ੀਸ ਕਿਉਂ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹਨਾਂ ਕੋਲ ਬੱਚਿਆਂ ਦੀ 70 ਫੀਸਦੀ ਫੀਸ ਭਰਨ ਲਈ ਪੈਸੇ ਨਹੀਂ ਹਨ ਕਿਉਂਕਿ ਲੌਕਡਾਊਨ ਦੇ ਚਲਦਿਆਂ ਹਰ ਕਿਸੇ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਬੱਚਿਆਂ ਕੋਲੋਂ ਸਿਰਫ਼ ਟਿਊਸ਼ਨ ਫੀਸ ਲੈਣ ਲਈ ਕਿਹਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਸਕੂਲਾਂ ਦਾ ਪੱਖ ਸੁਣ ਕੇ 70 ਫੀਸਦੀ ਫੀਸ ਲੈਣ ਦਾ ਫੈਸਲਾ ਸੁਣਾ ਦਿੱਤਾ ਹੈ। ਜਿਸ ਕਰਕੇ ਅੱਜ ਬੱਚਿਆਂ ਦੇ ਮਾਪਿਆਂ ਨੇ ਹਾਈਕੋਰਟ ਦੇ ਫੈਸਲੇ ਵਿਰੁੱਧ ਰੋਸ ਪ੍ਰਗਟ ਕੀਤਾ ਹੈ।

-PTCNews

Related Post