ਪੁਲਿਸ ਵੱਲੋਂ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ : ਏ.ਐੱਸ .ਆਈ. ਨਰਿੰਦਰ ਸਿੰਘ 'ਤੇ ਮਾਮਲਾ ਦਰਜ

By  Shanker Badra August 8th 2018 04:58 PM -- Updated: August 8th 2018 05:34 PM

ਪੁਲਿਸ ਵੱਲੋਂ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ : ਏ.ਐੱਸ .ਆਈ. ਨਰਿੰਦਰ ਸਿੰਘ 'ਤੇ ਮਾਮਲਾ ਦਰਜ:ਸਨੌਰ ਪੁਲਿਸ ਥਾਣੇ ਵਿੱਚ ਬੀਤੇ ਦਿਨੀਂ ਕੁੱਝ ਨੌਜਵਾਨਾਂ ਨੂੰ ਨਜ਼ਾਇਜ਼ ਹਿਰਾਸਤ 'ਚ ਰੱਖਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਾਰਵਾਈ ਕਰਦਿਆਂ ਪਹਿਲਾਂ ਜਿੱਥੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਏ.ਐਸ.ਆਈ. ਨਰਿੰਦਰ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ।ਉਥੇ ਹੀ ਅੱਜ ਉਸ ਵਿਰੁੱਧ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ 'ਚ ਰੱਖਣ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਨੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।ਸਿੱਧੂ ਨੇ ਦੱਸਿਆ ਕਿ ਇਹ ਪੁਲਿਸ ਕੇਸ ਐਸ.ਪੀ. ਸਿਟੀ ਕੇਸਰ ਸਿੰਘ ਵੱਲੋਂ ਕੀਤੀ ਗਈ ਤਫ਼ਤੀਸ ਮਗਰੋਂ ਆਈ ਮੁਢਲੀ ਰਿਪੋਰਟ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ ਅਤੇ ਦਰਜ ਕੀਤੇ ਇਸ ਮਾਮਲੇ ਦੀ ਅਗਲੇਰੀ ਪੜਤਾਲ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਕਰਨਗੇ।

ਐਸ.ਐਸ.ਪੀ. ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਆਦੇਸ਼ਾਂ 'ਤੇ ਚੱਲ ਰਹੀ ਮੈਜਿਸਟਰੀਅਲ ਜਾਂਚ ਦੀ ਰਿਪੋਰਟ ਅਤੇ ਡੀ.ਐਸ.ਪੀ. ਦੀ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਮਗਰੋਂ ਜੇ ਕੋਈ ਹੋਰ ਵੀ ਦੋਸ਼ੀ ਸਾਹਮਣੇ ਆਇਆ ਤਾਂ ਉਸ ਵਿਰੁਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

-PTCNews

Related Post