ਪਾਵਨ ਸਰੋਵਰ 'ਚ ਗੁਟਕਾ ਸਾਹਿਬ ਸੁੱਟਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ: SGPC

By  Riya Bawa December 15th 2021 06:47 PM

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜੁਆਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਨੂੰ ਸਰੋਵਰ ਵਿਚ ਸੁੱਟਣ ਦੀ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਘਟਨਾ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ।

Advocate Harjinder Singh Dhami is new SGPC president; know more

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਕ ਨੌਜਵਾਨ ਜਿਸ ਨੇ ਆਪਣੇ ਕੇਸ ਕਤਲ ਕਰਵਾਏ ਹੋਏ ਹਨ, ਨੇ ਆਪਣੀ ਜੇਬ ਵਿੱਚੋਂ ਗੁਰਬਾਣੀ ਦਾ ਪਾਵਨ ਗੁਟਕਾ ਸਾਹਿਬ ਕੱਢ ਕੇ ਸਰੋਵਰ ਵਿਚ ਸੁੱਟ ਦਿੱਤਾ। ਇਹ ਨੌਜਵਾਨ ਆਪਣਾ ਨਾਮ ਰਣਬੀਰ ਸਿੰਘ ਦੱਸਦਾ ਹੈ, ਜਿਸ ਨੂੰ ਡਿਊਟੀ ਕਰ ਰਹੇ ਮੁਲਾਜ਼ਮਾਂ ਨੇ ਮੌਕੇ ’ਤੇ ਕਾਬੂ ਕਰਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪੁਲਿਸ ਹਵਾਲੇ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਘਟਨਾ ਅਚਾਨਕ ਵਾਪਰੀ ਘਟਨਾ ਨਹੀਂ, ਸਗੋਂ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਸਿੱਖਾਂ ਦੀਆਂ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਗੁਰਬਾਣੀ ਸਾਨੂੰ ਸਹੀ ਜੀਵਨ ਮਾਰਗ ਦੱਸਦਿਆਂ ਮਨੁੱਖਤਾ ਨੂੰ ਏਕੇ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਬੇਅਦਬੀ ਕਰਨਾ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਵੱਖ-ਵੱਖ ਥਾਵਾਂ ’ਤੇ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਨੇ ਸਿੱਖ ਹਿਰਦਿਆਂ ਤਾਰ-ਤਾਰ ਕੀਤਾ ਹੈ, ਪਰ ਸਰਕਾਰਾਂ ਵੱਲੋਂ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾਂਦਾ।

-PTC News

Related Post