PM ਮੋਦੀ ਦੀ ਸੁਰੱਖਿਆ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, CM ਚੰਨੀ ਨੇ ਬਣਾਈ ਜਾਂਚ ਕਮੇਟੀ

By  Riya Bawa January 6th 2022 12:00 PM -- Updated: January 6th 2022 12:02 PM

PM Modi's 'security breach: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕਮੀ ਦੇ ਮਾਮਲੇ ਦਾ ਸਿਆਸੀ ਤੂਫਾਨ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਪਾਸੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਚੰਨੀ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨਵੀ ਰਮੰਨਾ ਦੇ ਸਾਹਮਣੇ ਆਇਆ ਹੈ। ਚੀਫ ਜਸਟਿਸ ਦੀ ਬੈਂਚ ਸ਼ੁੱਕਰਵਾਰ ਨੂੰ ਇਸ 'ਤੇ ਸੁਣਵਾਈ ਕਰਨ ਦਾ ਫੈਸਲਾ ਕਰ ਸਕਦੀ ਹੈ।

ਇਸ ਮਾਮਲੇ 'ਤੇ ਕੱਲ੍ਹ ਸੁਣਵਾਈ ਹੋਏਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਸਾਰਾ ਰਿਕਾਰਡ ਨੂੰ ਫਰੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸਾਰਾ ਰਿਕਾਰਡ ਬਠਿੰਡਾ ਸੈਸ਼ਨ ਜੱਜ ਰਾਹੀਂ ਜ਼ਬਤ ਕੀਤਾ ਜਾਵੇ। ਜਾਣਕਾਰੀ ਅਨੁਸਾਰ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਸ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਜਿਹੀ ਸੁਰੱਖਿਆ 'ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਪਟੀਸ਼ਨ ਵਿੱਚ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਢੁੱਕਵੇਂ ਨਿਰਦੇਸ਼ ਦੇਣ, ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਿਹਾ ਗਿਆ ਹੈ ਕਿ ਭਵਿੱਖ ਵਿੱਚ ਅਜਿਹੀ ਕੁਤਾਹੀ ਨਹੀਂ ਹੋਵੇਗੀ।

ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।

-PTC News

Related Post