ਸੂਬਾ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਈ ਕਾਂਗਰਸੀ ਕੌਂਸਲਰ ਭਾਜਪਾ 'ਚ ਸ਼ਾਮਲ

By  Jasmeet Singh December 17th 2022 02:29 PM

ਨਵੀਨ ਸ਼ਰਮਾ, 17 ਦਸੰਬਰ: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਲੁਧਿਆਣਾ ਪੁੱਜੇ ਸਨ ਜਿਸ ਦੌਰਾਨ ਕਈ ਮੌਜੂਦਾ ਅਤੇ ਸਾਬਕਾ ਕਾਂਗਰਸੀ ਕੌਂਸਲਰ ਕੇਸਰੀ ਪਾਰਟੀ ਵਿੱਚ ਸ਼ਾਮਲ ਹੋਏ, ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਇਸ ਦੌਰਾਨ ਉਹ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦੇ ਵੀ ਨਜ਼ਰ ਆਏ। 

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਸਭ ਦੇ ਸਾਹਮਣੇ ਆ ਚੁੱਕੀ ਹੈ, ਜਿੱਥੇ ਦਿੱਲੀ ਐਮ.ਸੀ.ਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਿਧਾਨ ਸਭਾ ਵਿੱਚ ‘ਆਪ’ ਦਾ ਗ੍ਰਾਫ ਹੇਠਾਂ ਡਿੱਗਿਆ ਹੈ।ਉੱਥੇ ਹੀ ਭਗਵੰਤ ਮਾਨ ਕਹਿੰਦੇ ਸਨ ਕਿ ਪੰਜਾਬ ਨਸ਼ਾ ਮੁਕਤ ਹੋਵੇਗਾ ਤੇ ਹੁਣ ਉਹ ਖੁਦ ਸ਼ਰਾਬ ਦਾ ਪ੍ਰਚਾਰ ਕਰ ਰਿਹਾ ਹੈ। 

ਇਸ ਦੌਰਾਨ ਉਨ੍ਹਾਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ਨੂੰ ਵੀ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ। ਉਨ੍ਹਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵੱਲੋਂ ਦਿੱਤੇ ਬਿਆਨ ਲਈ ਪਾਕਿਸਤਾਨ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਿਸੀ ਵਿਦੇਸ਼ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਅਤਿ ਨਿੰਦਣਯੋਗ ਹੈ, ਉਨ੍ਹਾਂ ਨੂੰ ਇਸ ਲਈ ਭਾਰਤ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। 

ਪਾਕਿ ਵਿਦੇਸ਼ ਮੰਤਰੀ ਦਾ ਬਿਆਨ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦਿੱਤੇ ਗਏ ਬਿਆਨ 'ਤੇ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਹੁਣ ਭਾਜਪਾ ਵਰਕਰਾਂ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਬਿਲਾਵਲ ਭੁੱਟੋ ਜ਼ਰਦਾਰੀ ਦੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬਹੁਤ ਸ਼ਰਮਨਾਕ ਹੈ। 1971 ਵਿੱਚ ਅੱਜ ਦੇ ਹੀ ਦਿਨ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ। ਸ਼ਾਇਦ ਉਹ ਅਜੇ ਵੀ ਦਰਦ ਵਿੱਚ ਹਨ।

ਬਿਲਾਵਲ ਭੁੱਟੋ ਨੇ ਨਿਊਯਾਰਕ 'ਚ ਪ੍ਰੈੱਸ ਕਾਨਫਰੰਸ 'ਚ ਪੀਐੱਮ ਮੋਦੀ 'ਤੇ ਨਿੱਜੀ ਹਮਲਾ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਵਿਵਾਦਿਤ ਬਿਆਨ ਦਿੱਤਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਅਮਰੀਕਾ ਨੇ ਉਨ੍ਹਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਆਰਐਸਐਸ ਦਾ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਕਰਾਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਹਿਟਲਰ ਦੀ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੀ ਹੈ।

Related Post