ਪੰਜਾਬ 'ਚ ਖੌਫ ਦੇ ਮਾਹੌਲ ਨੂੰ ਵੇਖਦਿਆਂ ਕਰਾਂਗੇ 'ਪੰਜਾਬ ਬਚਾਓ ਦੌਰਾ': ਅਕਾਲੀ ਦਲ

By  Jasmeet Singh December 16th 2022 08:44 PM

ਚੰਡੀਗੜ੍ਹ, 16 ਦਸੰਬਰ: ਪੰਜਾਬ ਵਿੱਚ ਬਣੇ ਜੰਗਲ ਰਾਜ ਦੇ ਹਾਲਾਤਾਂ ਅਤੇ ਪ੍ਰਸ਼ਾਸਨ 'ਤੇ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ ਢੇਰੀ ਹੋਣ ਨਾਲ ਬਣੇ ਖੌਫ ਦੇ ਮਾਹੌਲ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਜ਼ਿ‌ਲ੍ਹਿਆਂ ਦਾ "ਪੰਜਾਬ ਬਚਾਓ ਦੌਰਾ" ਕਰਨਗੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਜਾ ਸਕੇ।

ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਡਰ ਤੇ ਖੌਫ ਦੇ ਮਾਹੌਲ ਬਾਰੇ ਮੈਂਬਰਾਂ ਦੇ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਦਾ ਹੁਣ ਕੋਈ ਵਾਲੀ ਵਾਰਸ ਨਹੀਂ ਲਿਆ। ਆਮ ਆਦਮੀ ਪਾਰਟੀ ਦੀ ਸਰਕਾਰ ਖਾਸ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਅਮਨ ਸ਼ਾਂਤੀ ਤੇ ਭਾਈਚਾਰ ਸਾਂਝ ਕਾਇਮ ਰੱਖਣ ਦੀ ਆਪਣੀ ਨੈਤਿਕ ਤੇ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਵਾਗਡੋਰ ਗੈਂਗਸਟਰਾਂ ਤੇ ਗੈਂਗਾਂ ਦੇ ਹੱਥ ਦੇ ਦਿੱਤੀ ਗਈ ਹੈ ਤੇ ਮੰਤਰੀ ਸਿਰਫ ਜਨਤਕ ਸਮਾਗਮਾਂ ਦੀਆਂ ਰਸਮਾਂ ਨਿਭਾਉਣ ਜੋਗੇ ਹੀ ਨਜ਼ਰ ਆ ਰਹੇ ਹਨ। ਪੁਲਿਸ ਤੇ ਅਫਸਰਸ਼ਾਹੀ ਵੱਖਰੇ ਹੀ ਵਹਿਣ ਵਿੱਚ ਹਨ।

ਉਹਨਾਂ ਕਿਹਾ ਕਿ ਸਾਰੇ ਪੰਜਾਬੀ ਆਪਣੀ ਜਾਨ ਮਾਲ ਦੀ ਰਾਖੀ ਲਈ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਸ਼ਹਿਰੀ ਲੋਕ ਤਾਂ ਅੱਧੀ ਰਾਤ ਨੂੰ ਫਿਰੌਤੀਆਂ ਤੇ ਵਸੂਲੀਆਂ ਲਈ ਬੂਹੇ ਖੜਕਾਉਣ ਜਾਣ ਦੇ ਡਰੋਂ ਦਹਿਸ਼ਤ ਵਿੱਚ ਹਨ। ਉਹਨਾਂ ਕਿਹਾ ਕਿ ਇਹ ਉਹ ਪੰਜਾਬ ਨਹੀਂ ਰਿਹਾ ਜਿਸ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਸੀ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਇਤਿਹਾਸ ਦੇ ਹੋਰ ਬੇਖੌਫ ਜੰਗਜੂਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਮੀਟਿੰਗ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹਰਭਜਨ ਸਿੰਘ ਮਸਾਣਾ (ਹਰਿਆਣਾ) ਦੇ ਸਤਿਕਾਰਯੋਗ ਪਿਤਾ ਸਰਦਾਰ ਦਲੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਵਾਸਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਉਹਨਾਂ ਦੱਸਿਆ ਕਿ ਜਲੰਧਰ ਵਿੱਚ ਮਾਸੂਸ ਪਰਿਵਾਰਾਂ ਦੇ ਘਰਾਂ ਦੇ ਉਜਾੜੇ ਪਿੱਛੇ ਸਰਕਾਰ ਤੇ ਜ਼ਮੀਨ ਹੜੱਪ ਕਰਨ ਵਾਲੀਆਂ ਵੱਡੀਆਂ ਮੱਛੀਆਂ ਵਿੱਚ ਗੰਢਤੁੱਪ ਜ਼ਿੰਮੇਵਾਰ ਹੈ। ਜਿਹੜੇ ਘਰ ਲੋਕਾਂ ਨੇ ਬਹੁਤ ਮਿਹਨਤ ਨਾਲ ਦਹਾਕਿਆਂ ਤੋਂ ਬਣਾਏ ਸੀ, ਉਹਨਾਂ ਤੋਂ ਉਹ ਹੀ ਖੋਹ ਲਏ ਗਏ ਹਨ। ਉਹਨਾਂ ਕਿਹਾ ਕਿ ਜੇਕਰ ਕੋਈ ਕਾਨੂੰਨੀ ਮਾਮਲਾ ਬਣਦਾ ਵੀ ਸੀ ਤਾਂ ਵੀ ਸਰਕਾਰ ਨੇ ਬਹੁਤ ਜ਼ਿਆਦਾ ਅਸੰਵੇਦਨਸ਼ੀਲਤਾ ਵਿਖਾਈ ਤੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੂੰ ਘਰਾਂ ਵਿਚੋਂ ਕੱਢ ਦਿੱਤਾ ਜੋ ਠੰਢ ਵਿੱਚ ਰਾਤਾਂ ਸੜਕਾਂ ’ਤੇ ਕੱਟ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਇਹ ਘਰ ਇਹਨਾਂ ਵਿੱਚ ਰਹਿਣ ਵਾਲਿਆਂ ਨੂੰ ਸਸਤੀਆਂ ਦਰਾਂ ’ਤੇ ਅਲਾਟ ਕਰ ਸਕਦੀ ਸੀ ਜਾਂ ਫਿਰ ਇਹਨਾਂ ਤੋਂ ਘਰ ਖਾਲੀ ਕਰਵਾਉਣ ਤੋਂ ਪਹਿਲਾਂ ਇਹਨਾਂ ਨੂੰ ਬਦਲਵੇਂ ਮਕਾਨ ਦਿੱਤੇ ਜਾ ਸਕਦੇ ਸਨ।

ਜਲੰਧਰ ਵਿੱਚ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਰਿਆਦਾ ਵਿੱਚ ਵਿਘਨ ਪੈਣ ਦੇ ਮਾਮਲੇ ’ਤੇ ਡਾ. ਚੀਮਾ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅੱਜ ਇਸ ਮਾਮਲੇ ’ਤੇ ਰੋਪੜ ਵਿੱਚ ਚਰਚਾ ਕਰ ਰਹੀ ਹੈ।

ਡਾ. ਚੀਮਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਘੱਟ ਗਿਣਤੀ ਭਾਈਚਾਰਿਆਂ ਦੇ ਬੱਚਿਆਂ ਨੂੰ ਸਕਾਲਰਸ਼ਿਪ ਦੀ ਰਾਸ਼ੀ ਨਾ ਮਿਲਣ ’ਤੇ ਚੁੱਪ ਵੱਟਣ ਦੀ ਵੀ ਨਿਖੇਧੀ ਕੀਤੀ।

Related Post