ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ

By  Jashan A February 12th 2020 12:41 PM -- Updated: February 12th 2020 12:42 PM

ਸ੍ਰੀ ਅੰਮ੍ਰਿਤਸਰ ਸਾਹਿਬ: ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਜਨਮ ਦਿਹਾੜਾ ਅੱਜ ਦੁਨੀਆ ਭਰ 'ਚ ਵਸਦੀ ਸਿੱਖ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਬਾਬਾ ਜੀ ਦੇ ਜਨਮ-ਦਿਹਾੜੇ ਮੌਕੇ ਕਈ ਸਿਆਸੀ ਆਗੂਆਂ ਵੱਲੋਂ ਸੰਗਤ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਗਤਾਂ ਨੂੰ ਵਧਾਈ ਦਿੱਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸੇਅਰ ਕਰਦਿਆਂ ਲਿਖਿਆ ਕਿ "ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਨਿੱਕੀ ਉਮਰ ਤੋਂ ਹੀ ਰਣ ਕੁਸ਼ਲਤਾ ਦੇ ਜੌਹਰ ਦਿਖਾਉਣ ਵਾਲੇ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਸਿਦਕ ਤੇ ਸਮਰਪਣ ਦੀ ਲਾਮਿਸਾਲ ਉਦਾਹਰਨ ਹੈ।"

ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸੇਅਰ ਕਰਦਿਆਂ ਲਿਖਿਆ ਕਿ "ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਸਭ ਤੋਂ ਵੱਡੇ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਹੱਕ, ਸੱਚ, ਧਰਮ ਅਤੇ ਮਨੁੱਖੀ ਹੱਕਾਂ ਦੀ ਰਾਖੀ ਦੇ ਵਿਸ਼ਵ ਇਤਿਹਾਸ 'ਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਨਾਂਅ, ਸਦਾ ਸਤਿਕਾਰ ਨਾਲ ਲਿਆ ਜਾਂਦਾ ਰਹੇਗਾ।"

-PTC News

Related Post