ਪ੍ਰਧਾਨ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਨ 24 ਅਗਸਤ ਨੂੰ

By  Jasmeet Singh August 17th 2022 02:40 PM -- Updated: August 17th 2022 04:35 PM

ਚੰਡੀਗੜ੍ਹ, 16 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਜਿੱਥੇ ਉਹ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਪਹੁੰਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਕੈਂਸਰ ਦੇ ਸਸਤੇ ਇਲਾਜ ਲਈ ਵੱਡੀ ਉਪਲਬਧੀ ਸਾਬਤ ਹੋਵੇਗਾ, ਜਿਸਦੀ ਗੁਆਂਢੀ ਸੂਬਿਆਂ ਤੋਂ ਆਏ ਕੈਂਸਰ ਦੇ ਮਰੀਜ਼ਾਂ ਲਈ ਵੱਡਾ ਵਰਦਾਨ ਸਾਬਤ ਹੋਣ ਦੀ ਉਮੀਦ ਹੈ।

ਹਾਸਿਲ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦੀ ਵਿਜ਼ਿਟ ਨੂੰ ਲੈ ਕੇ ਸਿਵਲ ਸਕੱਤਰੇਤ ਵਿਚ ਅੱਜ 5.30 ਵਜੇ ਮੀਟਿੰਗ ਵੀ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਸਕੱਤਰ, ਡੀਜੀਪੀ ਅਤੇ ਸਿਕਿਓਰਿਟੀ ਅਫਸਰਾਂ ਵਿਚਕਾਰ ਹੋਵਗੀ।

ਚੰਡੀਗੜ੍ਹ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੀ ਇਸ ਵੱਕਾਰੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਤੋਂ ਬਾਅਦ ਮੁੱਖ ਸਕੱਤਰ ਨੇ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਣ ਲਈ ਮੁੱਲਾਂਪੁਰ, ਨਿਊ ਚੰਡੀਗੜ੍ਹ ਸਥਿਤ ਕੇਂਦਰ ਦੀ ਸਾਈਟ ਦਾ ਦੌਰਾ ਕੀਤਾ।

ਮੁੱਖ ਸਕੱਤਰ ਨੂੰ ਜਾਣਕਾਰੀ ਦਿੰਦੇ ਹੋਏ ਹਸਪਤਾਲ ਅਤੇ ਖੋਜ ਕੇਂਦਰ ਦੇ ਡਿਪਟੀ ਡਾਇਰੈਕਟਰ ਪ੍ਰੋ. ਅਸ਼ੀਸ਼ ਗੁਲੀਆ ਨੇ ਦੱਸਿਆ ਕਿ ਕੇਂਦਰ ਵਿੱਚ ਹੁਣ ਤੱਕ ਲਗਭਗ 300 ਦੇ ਕਰੀਬ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸਹੂਲਤ ਦਾ ਬਾਕੀ ਬਚਿਆ ਹਿੱਸਾ ਵੀ ਲਗਭਗ 6 ਮਹੀਨਿਆਂ ਦੇ ਸਮੇਂ ਵਿੱਚ ਪੂਰਾ ਹੋਣ ਦੀ ਸੰਭਾਵਨਾ ਹੈ ਅਤੇ ਸਾਰੇ 300 ਬਿਸਤਰੇ ਨਾ ਸਿਰਫ ਪੰਜਾਬ ਤੋਂ ਬਲਕਿ ਵੱਖ-ਵੱਖ ਗੁਆਂਢੀ ਰਾਜਾਂ ਜਿਵੇਂ ਕਿ ਹਰਿਆਣਾ, ਉੱਤਰਾਖੰਡ, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦੇਖਭਾਲ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋਣਗੇ।

- ਰਿਪੋਰਟਰ ਰਵਿੰਦਰਮੀਤ ਦੇ ਸਹਿਯੋਗ ਨਾਲ

-PTC News

Related Post