ਹਰਿਆਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra May 15th 2020 08:15 PM

ਹਰਿਆਣਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣ-ਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਪਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤੀਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ।

ਇਸੇ ਦੌਰਾਨ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਹੀ ਕੁਰੂਕੁਸ਼ੇਤਰ ਵਿਖੇ ਸਿੱਖ ਧਰਮ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਵਿਅਕਤੀ ਖਿਲਾਫ਼ ਵੀ ਕਾਰਵਾਈ ਮੰਗੀ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰਨ ’ਤੇ ਹਰਿਆਣਾ ਦੀਆਂ ਸੰਗਤਾਂ ਅੰਦਰ ਭਾਰੀ ਰੋਸ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ।

-PTCNews

Related Post