ਪੰਜਾਬ ਸਰਕਾਰ ਨੇ ਕੋਰੋਨਾ ਵਿਰੁੱਧ ਲੜਾਈ 'ਚ ਹੁਣ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੀਤਾ ਸ਼ਾਮਲ

By  Shanker Badra May 21st 2020 01:50 PM

ਪੰਜਾਬ ਸਰਕਾਰ ਨੇ ਕੋਰੋਨਾ ਵਿਰੁੱਧ ਲੜਾਈ 'ਚ ਹੁਣ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੀਤਾ ਸ਼ਾਮਲ:ਚੰਡੀਗੜ੍ਹ : ਕੋਰੋਨਾ ਵਾਇਰਸ ਵਿਰੁੱਧ ਮੁਢਲੀ ਕਤਾਰ ਦੀ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਨੇ ਅੱਜ ਮਹਾਮਾਰੀ ਵਿਰੁੱਧ ਆਪਣੀ ਲੜਾਈ ਦੇ ਦਾਇਰੇ ਵਿੱਚ ਨਿੱਜੀ ਹਸਪਤਾਲਾਂ ਨੂੰ ਲਿਆਉਣ ਲਈ ਇਕ ਆਰਡੀਨੈਂਸ ਜਾਰੀ ਕੀਤਾ ਹੈ। ਪੰਜਾਬ ਕਲੀਨਿਕਲ ਅਸਟੈਬਲਿਸ਼ਮੈਂਟਜ਼ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020 ਦੀ ਧਾਰਾ 1 ਦੀ ਉਪ ਧਾਰਾ ਤਹਿਤ ਨੋਟੀਫਿਕੇਸ਼ਨ ਰਾਹੀਂ 50 ਬਿਸਤਰਿਆਂ ਤੋਂ ਵੱਧ ਦੀ ਸਮਰਥਾ ਵਾਲੇ ਸਾਰੇ ਹਸਪਤਾਲਾਂ ਨੂੰ ਆਰਡੀਨੈਂਸ ਦੇ ਉਪਰੋਕਤ ਉਪਬੰਧਾਂ ਹੇਠ ਲਿਆਂਦਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਆਰਡੀਨੈਂਸ ਪ੍ਰਾਈਵੇਟ ਹਸਪਤਾਲਾਂ ਨੂੰ ਰਜਿਸਟ੍ਰੇਸ਼ਨ ਤੇ ਰੈਗੂਲੇਸ਼ਨ ਲਈ ਪੇਸ਼ੇਵਾਰ ਢੰਗ ਨਾਲ ਢੁਕਵੀਂ ਵਿਧੀ ਮੁਹੱਈਆ ਕਰਵਾਏਗਾ ਤਾਂ ਕਿ ਸਹੂਲਤਾਂ ਅਤੇ ਸੇਵਾਵਾਂ ਦੇ ਘੱਟੋ-ਘੱਟ ਮਾਪਦੰਡਾਂ ਦੀ ਪਾਲਣਾ ਦੇ ਨਾਲ-ਨਾਲ ਆਮ ਵਿਅਕਤੀ ਨੂੰ ਸਹੀ ਤਰੀਕੇ ਨਾਲ ਸਿਹਤ ਸੇਵਾਵਾਂ ਦੇਣ ਲਈ ਇਨਾਂ ਹਸਪਤਾਲਾਂ ਦੇ ਕੰਮਕਾਜ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ 100 ਬਿਸਤਰਿਆਂ ਜਾਂ ਇਸ ਤੋਂ ਵੱਧ ਸਮਰੱਥਾ ਵਾਲੇ ਇਲਾਜ ਸੰਸਥਾਨਾਂ ਦੀ ਰਜਿਸਟ੍ਰੇਸ਼ਨ ਲਈ ਰਾਜ ਪੱਧਰੀ ਇਕ ਰਜਿਸਟ੍ਰੇਸ਼ਨ ਅਥਾਰਟੀ ਵੀ ਗਠਿਤ ਕੀਤੀ ਗਈ ਹੈ,ਜਿਸ ਵਿੱਚ ਡਾਇਰੈਕਟਰ ਸਿਹਤ ਅਤੇ ਪਰਵਿਾਰ ਭਲਾਈ ਚੇਅਰਮੈਨ ਵਜੋਂ, ਉਨਾਂ ਦੇ ਨਾਲ ਡਿਪਟੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਨੂੰਨ ਅਫਸਰ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਨੋਡਲ ਅਫਸਰ ਨੂੰ ਮੈਂਬਰਾਂ ਵੱਜੋਂ ਨਾਮਜ਼ਦ ਕੀਤਾ ਜਾਵੇਗਾ। -PTCNews

Related Post