ਪੰਜਾਬ ਬਜਟ ਇਜਲਾਸ ਦੇ ਆਖਰੀ ਦਿਨ ਵੀ ਹੰਗਾਮਾ, ਸ਼੍ਰੋਮਣੀ ਅਕਾਲੀ ਦਲ ਨੇ ਸਦਨ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

By  PTC NEWS March 4th 2020 12:33 PM -- Updated: March 4th 2020 01:04 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਬਜਟ ਇਜਲਾਸ ਦੇ ਆਖਰੀ ਦਿਨ ਸਦਨ ਦੇ ਬਾਹਰ ਵਿਰੋਧੀਆਂ ਨੇ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਅਕਾਲੀ ਦਲ ਨੇ ਬਜਟ ਦੀਆਂ ਕਾਪੀਆਂ ਵਾਲੇ ਪੋਸਟਰ ਲਗਾ ਕੇ ਅਸਮਾਨ ਵਿੱਚ ਗੁਬਾਰੇ ਛੱਡੇ ਹਨ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਬਜਟ ਖ਼ਿਲਾਫ਼ ਤੇ ਨਸ਼ਾ ਤਸਕਰੀ, ਕਾਨੂੰਨ ਵਿਵਸਥਾ ਵਰਗੇ ਮੁੱਦਿਆਂ 'ਤੇ ਸਦਨ ਦੇ ਬਾਹਰ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉੱਥੇ ਹੀ ਆਪ ਵਿਧਾਇਕਾਂ ਨੇ ਮਹਿੰਗੀ ਬਿਜਲੀ, ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦਾ ਬਜਟ 420 ਡਾਕੂਮੈਂਟ ਕਰਾਰ ਦਿੱਤਾ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਲ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ 'ਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਚ ਪੰਜਾਬ ਦੇ ਹਰੇਕ ਵਰਗ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਅਜਿਹਾ ਧੱਕਾ ਨਹੀਂ ਹੋਣ ਦੇਵੇਗਾ, ਅਸੀਂ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤ ਲਈ ਡੱਟ ਕੇ ਖੜਾਂਗੇ।

Related Post