ਮੰਤਰੀ ਮੰਡਲ ਵੱਲੋਂ ਟਿਕਾਊ ਵਿਕਾਸ ਦੇ ਟੀਚੇ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾਂ ਨੂੰ ਪ੍ਰਵਾਨਗੀ

By  Jashan A June 6th 2019 07:01 PM

ਮੰਤਰੀ ਮੰਡਲ ਵੱਲੋਂ ਟਿਕਾਊ ਵਿਕਾਸ ਦੇ ਟੀਚੇ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾਂ ਨੂੰ ਪ੍ਰਵਾਨਗੀ,ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਲਈ ਟਿਕਾਊ ਵਿਕਾਸ ਟੀਚਾ (ਐਸ.ਡੀ.ਜੀਜ) ਨਿਰਧਾਰਤ ਕਰਨ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾ (4 ਐਸ.ਏ.ਪੀ)-2019-23 ਅਤੇ ਸਲਾਨਾ ਕਾਰਜ ਯੋਜਨਾ 2019-20 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਾਰਜ ਯੋਜਨਾ ਸੂਬੇ ਦੀ ਵਿਕਾਸ ਪ੍ਰਗਤੀ ’ਚ ਸਰਕਾਰੀ ਮੁਲਾਜਮਾਂ ਦੀ ਅਖੰਡਤਾ ਦੇ ਮੁੱਖ ਕਾਰਗੁਜਾਰੀ ਮਾਪਦੰਡਾਂ ਨੂੰ ਵੀ ਨਿਰਧਾਰਤ ਕਰੇਗੀ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁੱਖ ਮਾਪਦੰਡ ਸੰਯੁਕਤ ਰਾਸ਼ਟਰ ਦੇ 2030 ਦੇ ਵਿਕਾਸ ਏਜੰਡੇ ਦੀ ਲੀਹ ’ਤੇ ਹੋਣਗੇ। ਇਸ ਵਿੱਚ 17 ਟਿਕਾਊ ਵਿਕਾਸ ਟੀਚੇ (ਐਸ.ਡੀ.ਜੀਜ਼) ਹਨ ਜੋ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪਸਾਰ ਨੂੰ ਵਿਆਪਕ ਤੌਰ ’ਤੇ ਆਪਣੇ ਘੇਰੇ ਹੇਠ ਲਿਆਉਦੇ ਹਨ। ਟੀਚਿਆਂ ਦੇ ਆਧਾਰ ’ਤੇ ਵਿਭਾਗਾਂ ਦੀ ਕਾਰਗੁਜਾਰੀ ਮਲਾਜ਼ਮਾਂ ਦੀ ਸਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ।

ਹੋਰ ਪੜ੍ਹੋ:ਗੰਨੇ ਦੇ ਭਾਅ ‘ਚ ਇੰਨ੍ਹਾਂ ਹੋਇਆ ਵਾਧਾ, ਕਿਸਾਨ ਅਸੰਤੁਸ਼ਟ!

ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ, ਖੁਰਾਕ ਤੇ ਸਿਵਲ ਸਪਲਾਈਜ਼, ਜੰਗਲਾਤ ਤੇ ਜੰਗਲੀ ਜੀਵ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗਾਂ ਦੀ ਰਣਨੀਤਕ ਕਾਰਜ ਯੋਜਨਾਂ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਟਿਕਾਊ ਵਿਕਾਸ ਉਦੇਸ਼ਾਂ ਅਤੇ ਟੀਚਿਆਂ ਦੀ ਨਕਸ਼ਾਬੰਦੀ ਪ੍ਰਬੰਧਕੀ ਵਿਭਾਗਾਂ ਨਾਲ ਕੀਤੀ ਗਈ ਹੈ। ਹਰੇਕ ਐਸ.ਡੀ.ਜੀ ਨੂੰ ਇੱਕ ਨੋਡਲ ਵਿਭਾਗ ਸੌਂਪਿਆ ਗਿਆ ਹੈ ਕਿਉਂਕਿ ਇਹ ਟੀਚੇ ਵਿਭਿੰਨ ਵਿਭਾਗਾਂ ਨਾਲ ਸਬੰਧਿਤ ਹੈ।

ਇਸ ਤੋਂ ਇਲਾਵਾ ਸੂਬੇ ਨੇ ਭਾਰਤ ਸਰਕਾਰ ਦੇ ਪ੍ਰਵਾਨਿਤ ਰਾਸ਼ਟਰੀ ਸੂਚਕ ਢਾਂਚੇ ਨੂੰ ਅਪਣਾਇਆ ਹੈ। ਗੌਰਤਲਬ ਹੈ ਕਿ ਸੰਯੁਕਤ ਰਾਸ਼ਟਰ ਦੇ ਐਸ ਡੀ ਜੀਜ਼ ਦੀ ਪ੍ਰਗਤੀ ਦੀ ਢੁਕਵੀਂ ਯੋਜਨਾ, ਲਾਗੂ ਕਰਨ ਤੇ ਨਿਗਰਾਣੀ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿੱਤ ਮੰਤਰੀ ਦੀ ਅਗਵਾਈ ਵਿੱਚ ਟਾਕਸ ਫੋਰਸ ਦਾ ਗਠਨ ਕੀਤਾ ਹੋਇਆ ਹੈ ਅਤੇ ਮੁੱਖ ਸਕੱਤਰ ਦੀ ਪ੍ਰਵਾਨਗੀ ਹੇਠ ਸਟੀਅਰਿੰਗ ਕਮੇਟੀ ਨਿਯੁਕਤ ਕੀਤੀ ਗਈ ਹੋਈ ਹੈ।

-PTC News

Related Post