ਕੈਪਟਨ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਜਾਣੋ ਕਿਹੜੇ ਪ੍ਰਾਜੈਕਟਾਂ ਨੂੰ ਦਿੱਤੀ ਹਰੀ ਝੰਡੀ

By  Riya Bawa August 16th 2021 06:14 PM -- Updated: August 16th 2021 06:18 PM

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਕੈਬਨਿਟ ਵੱਲੋਂ ਅਹਿਮ ਫੈਸਲੇ ਲਏ ਗਏ ਹਨ। ਇਸ ਫੈਸਲਿਆਂ ਤਹਿਤ ਅੱਜ ਵਨ ਟਾਈਮ ਸੈੱਟਲੇਮੈਂਟ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਪਾਲਿਸੀ ਤਹਿਤ ਸੀਵਰੇਜ ਅਤੇ ਵਾਟਰ ਸਪਲਾਈ ਦੇ ਕਰੀਬ 93 ਹਜ਼ਾਰ ਕੁਨੈਕਸ਼ਨਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਦੀ ਆਮਦਨੀ ਵਿਚ ਵਾਧਾ ਹੋਵੇਗਾ।

ਕੈਪਟਨ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਜਾਣੋ, ਕਿਹੜੇ ਪ੍ਰਾਜੈਕਟਾਂ ਦਿੱਤੀ ਹਰੀ ਝੰਡੀ ਕੈਪਟਨ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਜਾਣੋ, ਕਿਹੜੇ ਪ੍ਰਾਜੈਕਟਾਂ ਦਿੱਤੀ ਹਰੀ ਝੰਡੀ

ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਨਵੇਂ ਬਲਾਕ ਨੂੰ ਪ੍ਰਵਾਨਗੀ

ਇਸ ਦੇ ਨਾਲ ਹੀ ਪੇਂਡੂ ਇਲਾਕਿਆਂ ਵਿਚ ਵੱਖ-ਵੱਖ ਵਿਕਾਸ ਗਤੀਵਿਧੀਆਂ ਨੂੰ ਹੋਰ ਗਤੀ ਦੇਣ ਲਈ ਮੰਤਰੀ ਮੰਡਲ ਨੇ ਜ਼ਿਲ੍ਹਾ ਐਸ.ਏ.ਨਗਰ ਵਿਚ ਨਵਾਂ ਬਲਾਕ ਮੋਹਾਲੀ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਲਾਕ ਵਿਚ ਮਾਜਰੀ ਬਲਾਕ ਤੋਂ 7 ਪੰਚਾਇਤਾਂ ਅਤੇ ਖਰੜ ਬਲਾਕ ਤੋਂ 66 ਪੰਚਾਇਤਾਂ ਸ਼ਾਮਲ ਹੋਣਗੀਆਂ। ਇਸ ਨਵੇਂ ਬਲਾਕ ਨਾਲ ਪੰਜਾਬ ਵਿਚ ਬਲਾਕ ਦੀ ਕੁੱਲ ਗਿਣਤੀ ਵਧ ਕੇ 153 ਹੋ ਜਾਵੇਗੀ।

ਜੇਲ੍ਹਾਂ ਵਿਚ ਪੈਟਰੋਲ ਪੰਪ ਸਥਾਪਤ ਕਰਨ ਲਈ ਸੀ.ਐਲ.ਯੂ. ਮੁਆਫ਼ ਕਰਨ ਦਾ ਫੈਸਲਾ

ਮੰਤਰੀ ਮੰਡਲ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਸੂਬੇ ਵਿਚ ਵੱਖ-ਵੱਖ ਜੇਲ੍ਹਾਂ ਵਿਚ 12 ਥਾਵਾਂ ਉਤੇ ਰਿਟੇਲ ਆਊਲੈੱਟ (ਪੈਟਰੋਲ, ਡੀਜ਼ਲ, ਸੀ,ਐਨ.ਜੀ. ਆਦਿ) ਦੀ ਸਥਾਪਨਾ ਕਰਨ ਲਈ ਸੀ.ਐਲ.ਯੂ. (ਜ਼ਮੀਨ ਦੀ ਵਰਤੋਂ ਦੀ ਤਬਦੀਲੀ) ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਰਿਟੇਲ ਆਊਟਲੈੱਟ ਸਥਾਪਤ ਕਰਨ ਲਈ 48,77,258 ਕਰੋੜ ਰੁਪਏ ਦਾ ਸੀ.ਐਲ.ਯੂ. ਮੁਆਫ਼ ਹੋਵੇਗਾ। ਇਹ ਰਿਟੇਲ ਆਊਟਲੈੱਟ ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਕੇਂਦਰੀ ਜੇਲ੍ਹਾਂ, ਸੰਗਰੂਰ ਅਤੇ ਰੋਪੜ ਦੀਆਂ ਜ਼ਿਲ੍ਹਾ ਜੇਲਾਂ, ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੇ ਜ਼ਿਲ੍ਹਾ ਜੇਲ੍ਹ ਅਤੇ ਫਾਜ਼ਿਲਕਾ ਦੀ ਸਬ-ਜੇਲ੍ਹ ਸ਼ਾਮਲ ਹਨ।

ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਪ੍ਰਵਾਨ

ਮੰਤਰੀ ਮੰਡਲ ਨੇ ਸਾਲ 2016-17 ਅਤੇ ਸਾਲ 2017-2018 ਲਈ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀਆਂ ਸਾਲਾਨਾ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਪ੍ਰਵਾਨਗੀ

ਕੌਮੀ ਅਤੇ ਕੌਮਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਦੀ ਪੰਜਾਬ ਪ੍ਰਤੀ ਖਿੱਚ ਪੈਦਾ ਕਰਨ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਮੋਹਾਲੀ ਦੇ ਆਈ.ਟੀ ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਲਮੀ ਪੱਧਰ ਤੇ ਮੁਕਾਬਲੇ ਦੇ ਯੋਗ ਬਣਾਏਗੀ। ਸ਼ੁਰੂਆਤੀ ਦੌਰ ਵਿਚ ਇਸ ਵਿਚ ਸਾਲਾਨਾ 300-400 ਵਿਦਿਆਰਥੀਆਂ ਦਾ ਦਾਖਲਾ ਹੋਵੇਗਾ ਜਦੋਂਕਿ ਕੈਂਪਸ ਦੀ ਸਥਾਪਤੀ ਤੋਂ ਬਾਅਦ 1500 ਤੱਕ ਵਿਦਿਆਰਥੀ ਦਾਖਲ ਹੋ ਸਕਣਗੇ।

ਪਿੰਡਾਂ 'ਚ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰਾਂ ਨੂੰ ਸੰਕਲਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ‘ਦੀ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆ ਨੂੰ ਨਿਪਟਿਆ ਜਾ ਸਕੇ। ਇਸ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਸਵਮਿਤਾ ਸਕੀਮ ਅਧੀਨ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਣਦੀਆਂ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਨ ਵਿਚ ਸਹਾਇਤਾ ਕਰਨਾ ਹੈ ਤਾਂ ਕਿ ‘ਲਾਲ ਲਕੀਰ ਮਿਸ਼ਨ’ ਨੂੰ ਲਾਗੂ ਕੀਤਾ ਜਾ ਸਕੇ। ਇਹ ਨਿਯਮ ਪਿੰਡਾਂ 'ਚ ਵਸਦੇ ਲੋਕਾਂ ਨੂੰ ਜਾਇਦਾਦਾਂ ਦੇ ਮੁਦਰੀਕਰਨ ਦੇ ਅਧਿਕਾਰ ਪ੍ਰਦਾਨ ਕਰਨ ਅਤੇ ਸਰਕਾਰੀ ਵਿਭਾਗਾਂ/ਸੰਸਥਾਵਾਂ ਅਤੇ ਬੈਂਕਾਂ ਦੁਆਰਾ ਮੁਹੱਈਆ ਕਰਵਾਏ ਜਾਂਦੇ ਵੱਖ-ਵੱਖ ਲਾਭਾਂ ਦਾ ਫਾਇਦਾ ਲੈਣ ਵਿਚ ਸਹਾਈ ਹੋਣਗੇ।

-PTCNews

Related Post