18 ਨਵੰਬਰ ਨੂੰ ਪੰਜਾਬ ਦੀ ਪੂਰੀ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਜਾਵੇਗੀ : CM ਚੰਨੀ

By  Shanker Badra November 16th 2021 03:55 PM -- Updated: November 16th 2021 05:30 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੇ ਜਥੇ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪਹਿਲੇ ਜਥੇ 'ਚ ਪੰਜਾਬ ਦੀ ਪੂਰੀ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਜਾਵੇਗੀ। ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

18 ਨਵੰਬਰ ਨੂੰ ਪੰਜਾਬ ਦੀ ਪੂਰੀ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਜਾਵੇਗੀ : CM ਚੰਨੀ

ਕੇਂਦਰ ਸਰਕਾਰ ਵੱਲੋਂ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਟਵੀਟ ਕਰਕੇ ਜਾਣਕਾਰੀ ਦਿੱਤੀ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ 'ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ 'ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ 'ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।

-PTC News

Related Post