ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, MSP ਤੋਂ ਘੱਟ ਖਰੀਦੀ ਮੂੰਗੀ ਦੇ ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ

By  Pardeep Singh July 2nd 2022 05:14 PM -- Updated: July 2nd 2022 06:39 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਬੀਜੀ ਸੀ…ਉਹਨਾਂ ਨੂੰ ਸਾਡੀ ਸਰਕਾਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ।ਪਿਛਲੇ ਦਿਨਾਂ ‘ਚ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ।ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਹਨ।ਇਕ ਮਿਸਾਲੀ ਫੈਸਲੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਕਾਸ਼ਤਕਾਰਾਂ ਦਾ ਉਤਸ਼ਾਹ ਵਧਾਉਣ ਲਈ ਸਮਰਥਨ ਮੁੱਲ ਤੋਂ ਘੱਟ ਉਤੇ ਵਿਕੀ ਮੂੰਗੀ ਦੇ ਮੁੱਲ ਦੀ ਭਰਪਾਈ ਸਰਕਾਰ ਵੱਲੋਂ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਘੱਟ ਮਿਲੇ ਮੁੱਲ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤੇ ਜਾਣਗੇ।



ਇੱਥੇ ਸ਼ਨਿੱਚਰਵਾਰ ਨੂੰ ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨੀ ਦੀ ਹਿੱਤਾਂ ਲਈ ਦਿੱਤੀ ਇਸ ਰਾਹਤ ਸਬੰਧੀ ਕਿਸੇ ਕਿਸਮ ਦਾ ਕੋਈ ਟਾਲਾ ਨਾ ਵੱਟਿਆ ਜਾਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਾਰੇ ਮੂੰਗੀ ਕਾਸ਼ਤਕਾਰਾਂ ਸਮੇਤ ਉਨ੍ਹਾਂ ਕਿਸਾਨਾਂ ਨੂੰ ਵੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕਰ ਦਿੱਤੀ ਗਈ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ 4 ਲੱਖ ਕੁਇੰਟਲ ਮੂੰਗੀ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਦੇ ਪ੍ਰਤੀ ਕੁਇੰਟਲ ਸਮਰਥਨ ਮੁੱਲ ਉਤੇ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਫਸਲ ਦੇ ਨੁਕਸਾਨੇ ਜਾਣ ਕਰਕੇ ਐਮ.ਐਸ.ਪੀ. ‘ਤੇ ਖਰੀਦ ਨਹੀਂ ਕੀਤੀ ਜਾ ਰਹੀ।



ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਨਹੀਂ ਵੇਚ ਸਕੇ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਐਸ.ਪੀ. ‘ਤੇ ਖਰੀਦੀ ਗਈ ਫਸਲ ਲਈ ਕੋਈ ਵਾਧੂ ਵਾਧੂ ਰਾਸ਼ੀ ਨਹੀਂ ਦਿੱਤੀ ਜਾਵੇਗੀ ਪਰ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਆਪਣੀ ਜਿਣਸ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧੂ ਰਾਸ਼ੀ ਦਿੱਤੀ ਜਾਵੇਗੀ।



ਕਿਸਾਨਾਂ ਨੂੰ ਫਸਲ ਵੇਚਣ ਲਈ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜੀ ਜਾਂ ਅਣ-ਪੱਕੀ ਮੂੰਗੀ ਦੀ ਖਰੀਦ ਮਨਜ਼ੂਰੀ ਸਬੰਧੀ ਮਾਪਦੰਡਾਂ ਦੀ ਵੱਧ ਤੋਂ ਵੱਧ ਸੀਮਾ 3 ਤੋਂ 8 ਫੀਸਦੀ ਕਰ ਦਿੱਤੀ ਹੈ, ਖਰਾਬ ਹੋਈ ਮੂੰਗੀ ਲਈ 3 ਤੋਂ 6 ਫੀਸਦੀ ਅਤੇ ਮਾਮੂਲੀ ਨੁਕਸਾਨੀ ਮੂੰਗੀ ਲਈ 4 ਤੋਂ 7 ਫੀਸਦੀ ਤੱਕ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੀਆਂ, ਜਿਨ੍ਹਾਂ ਕੌਮੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕਦਮ ਵੀ ਚੁੱਕੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜਿੱਥੇ ਇਹ ਫੈਸਲੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਕਰਨਗੇ ਅਤੇ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਸੂਬੇ ਦੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।















-PTC News

Related Post