ਪੰਜਾਬ ਸਰਕਾਰ ਨੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਐਲਾਨਿਆ ਫਰੰਟਲਾਈਨ ਯੋਧੇ   

By  Shanker Badra May 3rd 2021 07:19 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।

ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

-PTCNews

Related Post