ਕੈਪਟਨ ਨੇ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਲਿਖਿਆ ਪੱਤਰ  

By  Shanker Badra May 4th 2021 06:20 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਫ਼ਿਲਹਾਲ ਨਹੀਂ ਲੱਗੇਗਾ ਮੁਕੰਮਲ ਲੌਕਡਾਊਨ , ਇਸ ਮੰਤਰੀ ਨੇ ਕੀਤਾ ਐਲਾਨ 

ਮੁੱਖ ਮੰਤਰੀ ਨੇ ਕਿਹਾ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ। ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ਵੀ ਇਸ਼ਾਰਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਜੋ ਕਿ ਭੂਗੋਲਿਕ ਤੌਰ 'ਤੇ ਨੇੜੇ ਹੈ, ਐਲ.ਐਮ.ਓ. ਦੀ ਪਾਕਿਸਤਾਨ ਤੋਂ ਦਰਾਮਦ ਦੀ ਆਗਿਆ ਦੇਣ ਦੀ ਅਸਮਰੱਥਾ ਜ਼ਾਹਰ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ,ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੇਂਦਰ ਨੇ ਇਹ ਕਿਹਾ ਹੈ ਕਿ ਅੱਜ ਤੋਂ ਪਾਣੀਪਤ ਤੇ ਬੜੋਤੀਵਾਲਾ ਤੋਂ ਐਲ.ਐਮ.ਓ. ਦੀ ਸਪਲਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਹਿਲਾਂ ਹੀ ਆਕਸੀਜਨ ਦੀ ਸੀਮਤ ਉਪਲੱਬਧਤਾ ਉਤੇ ਭਾਰੀ ਅਸਰ ਪਵੇਗਾ ,ਜਿਸ ਨਾਲ ਮੈਡੀਕਲ ਐਮਰਜੈਂਸੀ ਦੇ ਹਾਲਾਤ ਪੈਦਾ ਹੋ ਸਕਦੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਨ ਨੂੰ ਖਤਰਾ ਦਰਪੇਸ਼ ਹੋ ਸਕਦਾ ਹੈ ਜੋ ਕਿ ਨਾਜ਼ੁਕ ਹਾਲਤ ਵਿੱਚ ਹਨ ਅਤੇ ਰੈਗੂਲਰ ਆਕਸੀਜਨ ਸਹਾਰੇ ਚੱਲ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਟੈਂਕਰਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਦੋ ਖਾਲੀ ਟੈਂਕਰ ਹਵਾਈ ਮਾਰਗ ਰਾਹੀਂ ਰੋਜ਼ਾਨਾ ਰਾਂਚੀ ਭੇਜ ਰਿਹਾ ਹੈ ਅਤੇ ਭਰੇ ਹੋਏ ਟੈਂਕਰ 48-50 ਘੰਟਿਆਂ ਦੇ ਸੜਕੀ ਸਫਰ ਰਾਹੀਂ ਬੋਕਾਰੋ ਤੋਂ ਵਾਪਸ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।

-PTCNews

Related Post