ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ: ਭਾਈ ਲੌਂਗੋਵਾਲ

By  Jashan A August 29th 2019 04:58 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ: ਭਾਈ ਲੌਂਗੋਵਾਲ

ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਸਬ-ਕਮੇਟੀ ਗਠਿਤ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤਾਂ ਦੀਆਂ ਮੌਜੂਦਾ ਲੋੜਾਂ ਜਾਣਨ ਲਈ ਵੀ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ।

ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਅੰਦਰ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਲੰਗਰ ਵਿਵਸਥਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀਆਂ ਰਸਦਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਨਿਰੰਤਰ ਜਾਰੀ ਹਨ। ਉਨ੍ਹਾਂ ਆਖਿਆ ਕਿ ਬੇਸ਼ੱਕ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ, ਪਰੰਤੂ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਡਰ ਸਾਹਮਣੇ ਹੈ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ’ਚ ਚੰਗੇ ਨੰਬਰ ਲੈਣ ’ਤੇ ਪ੍ਰਵਾਸੀ ਬੱਚੀ ਨੂੰ ਸਨਮਾਨ ਵਜੋਂ ਦਿੱਤੇ 10 ਹਜ਼ਾਰ ਰੁਪਏ

ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠਲੇ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੋਂ ਸਿਹਤ ਟੀਮਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਦੀਆਂ ਮੌਜੂਦਾ ਸਥਿਤੀ ਅਨੁਸਾਰ ਲੋੜਾਂ ਪੂਰੀਆਂ ਕਰਨ ਦਾ ਫੈਸਲਾ ਕੀਤਾ ਹੈ।

ਇਸੇ ਤਹਿਤ ਹੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਲ ਹਨ। ਸਬ-ਕਮੇਟੀ ਨਾਲ ਸ਼੍ਰੋਮਣੀ ਕਮੇਟੀ ਦਾ ਇਕ ਅਧਿਕਾਰੀ ਵੀ ਕੰਮ ਕਰੇਗਾ।

ਇਹ ਕਮੇਟੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਜਾਣੇਗੀ ਅਤੇ ਇਸ ਦੇ ਨਾਲ ਹੀ ਵਰਤਮਾਨ ਸਮੇਂ ਜਿਸ ਤਰ੍ਹਾਂ ਦੀ ਵੀ ਮੱਦਦ ਦੀ ਲੋੜ ਹੋਈ, ਉਸ ਦੀ ਰਿਪੋਰਟ ਕਰੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਆਉਣ ਤੱਕ ਰਾਹਤ ਕਾਰਜ ਕਰਦੀ ਰਹੇਗੀ। ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਪਾਣੀ ਸੁੱਕਣ ਮਗਰੋਂ ਵੀ ਪ੍ਰਭਾਵਿਤ ਲੋਕਾਂ ਨੂੰ ਜੋ ਸਹਾਇਤਾ ਲੋੜੀਂਦੀ ਹੋਵੇਗੀ, ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਾਰਜ ਕੀਤੇ ਜਾਣਗੇ।

-PTC News

Related Post