ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ : ਵਿਜੈਇੰਦਰ ਸਿੰਗਲਾ

By  Shanker Badra June 3rd 2020 05:06 PM

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ : ਵਿਜੈਇੰਦਰ ਸਿੰਗਲਾ:ਚੰਡੀਗੜ੍ਹ : ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰ੍ਹੇ 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ’ਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਇਹ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਪਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ, 2021 ਤੱਕ ਦਿੱਤਾ ਗਿਆ ਹੈ ਪਰ ਇਨ੍ਹਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਬੁਨਿਆਦੀ ਢਾਂਚੇ ’ਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ। ਅਜਿਹਾ ਨਾ ਕਰ ਸਕਣ ਵਾਲੇ ਸਕੂਲ ਅਗਲੇ ਅਕਾਦਮਿਕ ਵਰ੍ਹੇ ਤੋਂ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਪੜ੍ਹਾਈ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਹੀ ਜਾਰੀ ਰੱਖ ਸਕਣਗੇ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ, 2020 ਤੋਂ ਬਾਅਦ ਹਾਲਾਤ ’ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਜਿਹੜੇ ਸਕੂਲ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਨਗੇ, ਉਨ੍ਹਾਂ ਨੂੰ ਅਗਲੇ ਸੈਸ਼ਨ ਤੋਂ ਸਿਰਫ਼ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ।

ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ਦੀ ਨਿਯਮਤ ਤੌਰ ’ਤੇ ਜਾਂਚ ਕਰਨ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਐਸੋਸੀਏਟਿਡ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

-PTCNews

Related Post