ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra September 1st 2021 04:10 PM

ਅੰਮ੍ਰਿਤਸਰ : ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸਨਮਾਨਿਤ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਅੱਜ ਸਿੱਖਾਂ ਦੇ ਧਾਰਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ।

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਧੰਨਵਾਦ ਅਤੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਜਪਾਲ ਦੀ ਆਮਦ ਦੇ ਮੱਦੇਨਜ਼ਰ ਪੁਲਿਸ ਵਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਕਰਨ ਤੋਂ ਬਾਅਦ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਉਨ੍ਹਾਂ ਨੂੰ ਬਲਜੀਤ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਨੂੰ ਸਨਮਾਨ ਵਿਚ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋ ਕੇ ਸੰਗਤਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਰਧਾ ਪ੍ਰਗਟਾਉਂਦੀਆਂ ਹਨ।

ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸੇ ਤਹਿਤ ਹੀ ਆਪਣਾ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਪਾਵਨ ਸਥਾਨ ਵਿਖੇ ਪੁੱਜੇ ਹਨ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸ੍ਰੀ ਵਿਕਰਮਜੀਤ ਦੁੱਗਲ, ਪੁਲਸ ਅਧਿਕਾਰੀ ਸ. ਪ੍ਰਮਿੰਦਰ ਸਿੰਘ ਪੰਡਾਲ ਤੇ ਸ. ਹਰਪਾਲ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।

-PTCNews

Related Post