ਕੋਰੋਨਾ ਦੀ ਤੀਸਰੀ ਲਹਿਰ ਸਾਹਮਣੇ, ਹਰ ਕਿਸੇ ਨੂੰ ਮਾਸਕ ਪਾਉਣਾ ਜ਼ਰੂਰੀ: OP ਸੋਨੀ

By  Riya Bawa January 4th 2022 01:57 PM -- Updated: January 4th 2022 02:01 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾਉਣ ਤੋਂ ਤੁਰੰਤ ਬਾਅਦ, ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਆ ਗਈ ਹੈ, ਅਤੇ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿੱਚ ਸਿਹਤ ਮੰਤਰਾਲੇ ਦੀ ਦੇਖ-ਰੇਖ ਕਰ ਰਹੇ ਡਿਪਟੀ ਸੀਐਮ ਓਪੀ ਸੋਨੀ ਨੇ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਕੂਲ-ਕਾਲਜ ਬੰਦ ਕਰ ਰਹੇ ਹਾਂ ਤਾਂ ਅਜਿਹੀ ਰੈਲੀ ਵਿਚ ਭੀੜ ਇਕੱਠੀ ਕਰਨ ਦੀ ਇਜਾਜ਼ਤ ਕਿਉਂ ਦਿੱਤੀ ਜਾ ਰਹੀ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਓਪੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ-19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਨੂੰ ਰੋਕਣ ਲਈ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਗਰ ਨਿਗਮ ਦੀ ਹੱਦ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੰਜਾਬ 'ਚ ਕੋਰੋਨਾ ਦੇ ਫੈਲਾਅ ਨੂੰ ਦੇਖਦੇ ਹੋਏ ਸਰਕਾਰ ਹੁਣ ਟੈਸਟਿੰਗ ਵੀ ਵਧਾਏਗੀ। ਡਿਪਟੀ ਸੀਐਮ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀ ਹੜਤਾਲ 'ਤੇ ਹਨ, ਜਿਸ ਕਾਰਨ ਟੈਸਟਾਂ ਵਿੱਚ ਕਮੀ ਆਈ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਤੁਰੰਤ ਜਾਂਚ ਵਧਾਉਣ ਦੇ ਹੁਕਮ ਦਿੱਤੇ ਹਨ।

-PTC News

Related Post