ਪੰਜਾਬ ਸਰਕਾਰ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਵਧਾਏਗੀ:ਹਰਜੋਤ ਸਿੰਘ ਬੈਂਸ

By  Pardeep Singh April 27th 2022 07:07 PM

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੀਆਂ ਲੋਕ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨਾਲ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵੇਗੀ। ਕੈਬਨਿਟ ਮੰਤਰੀ ਨੇ ਸੈਰ ਸਪਾਟਾ ਖੇਤਰ ਦੇ ਸਾਰੇ ਹਿੱਸੇਦਾਰਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਵਿਦੇਸ਼ ਦੇ ਸ਼ਹਿਰਾਂ ਤੋਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਨਾਲ ਸਹੀ ਤਾਲਮੇਲ ਬਣਾ ਕੇ ਕੰਮ ਕਰਨ। ਇੱਥੇ ਪੰਜਾਬ ਭਵਨ ਵਿਖੇ ਸੈਰ ਸਪਾਟਾ ਵਿਭਾਗ ਦੀ ਮੈਰਾਥਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਰ ਸਪਾਟਾ ਵਿਭਾਗ ਦੇ ਅਜਾਇਬ ਘਰ ਅਤੇ ਹੋਰ ਇਮਾਰਤਾਂ ਦਾ ਲੋਕਾਂ ਵਿੱਚ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਹੈ ਕਿ ਮੈਂ ਖਟਕੜ ਕਲਾਂ ਯਾਦਗਾਰ ਦੇ ਅੰਦਰ ਸਥਿਤ ਅਜਾਇਬ ਘਰ ਦੇ ਨਵੀਨੀਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਤੋਂ ਵਿਸਤ੍ਰਿਤ ਰਿਪੋਰਟ ਵੀ ਮੰਗੀ ਹੈ ਅਤੇ ਸ਼ਹੀਦ ਭਗਤ ਸਿੰਘ ਦਾ ਸਾਰਾ ਸਮਾਨ ਇੱਥੇ ਪ੍ਰਦਰਸ਼ਿਤ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਵਾਂਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਇੱਕ ਸ਼ਾਨਦਾਰ ਪ੍ਰੋਜੈਕਟ ‘ਪਿੰਡ ਬਾਬੇ ਨਾਨਕ ਦਾ’ ਨੂੰ ਵੀ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾਵੇਗਾ। ਬੈਂਸ ਨੇ ਅਧਿਕਾਰੀਆਂ ਨੂੰ ਸੈਰ ਸਪਾਟਾ ਵਿਭਾਗ ਦੇ ਹੋਰ ਸਾਰੇ ਪ੍ਰੋਜੈਕਟਾਂ ਨੂੰ ਚਲਾਉਣ ਲਈ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਵਿੱਚ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲ ਪ੍ਰੀਤ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਵੀ ਪੜ੍ਹੋ:ਵਿਜੇ ਸਾਂਪਲਾ ਦੂਜੀ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ -PTC News

Related Post