ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੱਡਾ ਝਟਕਾ, ਬੋਰਡ 'ਚ 435 ਅਸਾਮੀਆਂ ਖ਼ਤਮ

By  Shanker Badra May 18th 2020 12:04 PM

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੱਡਾ ਝਟਕਾ, ਬੋਰਡ 'ਚ 435 ਅਸਾਮੀਆਂ ਖ਼ਤਮ:ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵਿਚ 15 ਮਈ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ 435 ਹੋਰ ਪੱਕੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਮਿਲਦਾ ਵਿਸ਼ੇਸ਼ ਭੱਤਾ ਖੋਹਣ ਦਾ ਵੀ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਮਿਲਦੀ ਬੱਸ ਸੇਵਾ ਦੀ ਸਹੂਲਤ ਵੀ ਵਾਪਸ ਲਈ ਗਈ ਹੈ। ਇਸ ਦੌਰਾਨ ਅਸਾਮੀਆਂ ਖ਼ਤਮ ਕਰਨ 'ਤੇ ਬੋਰਡ ਆਫ਼ ਡਾਇਰੈਕਟਰਜ਼ ਨੇ ਦਲੀਲ ਦਿੱਤੀ ਹੈ ਕਿ ਸਿੱਖਿਆ ਬੋਰਡ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਪਰ ਇਹ ਦਲੀਲ ਇਸ ਲਈ ਤਰਕਹੀਣ ਦਿਖਾਈ ਦਿੰਦੀ ਹੈ ਕਿਉਂਕਿ ਜਿਹੜੀਆਂ ਅਸਾਮੀਆਂ ਖਤਮ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਬੋਰਡ ਦੀ ਆਰਥਿਕਤਾ 'ਤੇ ਕੋਈ ਪ੍ਰਭਾਵ ਨਹੀਂ ਸੀ। ਜਦੋਂ ਇਸ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਰੋਜ਼ਗਾਰ ਪੈਦਾ ਕਰਨ ਵਾਲਾ ਅਦਾਰਾ ਨਹੀਂ, ਸਗੋਂ ਇਹ ਬੱਚਿਆਂ ਨੂੰ ਸਿੱਖਿਆ ਦੇਣ ਵਾਲਾ ਅਦਾਰਾ ਹੈ। ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਜੋ ਖਾਲੀ ਪਈਆਂ ਅਸਾਮੀਆਂ, ਜੋ ਕਿ ਵਾਧੂ ਸਨ ਉਨ੍ਹਾਂ ਨੂੰ ਖਤਮ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2017 ਵਿਚ 748 ਅਸਾਮੀਆਂ ਖਤਮ ਕੀਤੀਆਂ ਗਈਆਂ ਸਨ।  2 ਸਾਲਾਂ ਦੌਰਾਨ ਇਹ ਦੂਜਾ ਫ਼ੈਸਲਾ ਹੈ ਕਿ ਐਨੇ ਵੱਡੇ ਪੱਧਰ 'ਤੇ ਖਾਲੀ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਵੱਡਾ ਝਟਕਾ ਲੱਗੇਗਾ। -PTCNews

Related Post