ਵਿਜੀਲੈਂਸ ਨੇ ਬੀ.ਡੀ.ਪੀ.ਓ. ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

By  Pardeep Singh January 30th 2023 05:25 PM

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਅਧਿਕਾਰੀ ਗ੍ਰਾਮ ਪੰਚਾਇਤ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਅਤੇ ਗ੍ਰਾਂਟਾਂ ਦੀ ਅਦਾਇਗੀ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਉਹ ਉਕਤ ਅਧਿਕਾਰੀ ਨੂੰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਪਰ ਉਸ ਦੇ ਵਾਰ-ਵਾਰ ਕਹਿਣ 'ਤੇ ਬੀਡੀਪੀਓ ਨਾਲ 25,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਹੈ।

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Post