PTC News
Search
🔍 Search

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਦਾ ਮਾਮਲਾ , ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਰਸਮੀ ਨੋਟਿਸ ਜਾਰੀ

By  Jaswinder Kaur October 12th 2026 12:37 PM


DA case of Punjab : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮੁੱਖ ਸਕੱਤਰ KAP ਸਿਨਹਾ  ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੇ ਮਾਮਲੇ ਵਿੱਚ ਸਰਕਾਰ ਤੋਂ ਜਵਾਬ ਮੰਗਿਆ ਹੈ।

ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਜਸਟਿਸ ਵਿਨੋਦ ਭਾਰਦਵਾਜ ਦੀ ਅਦਾਲਤ ਨੇ ਉਨ੍ਹਾਂ ਤੋਂ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਅਨੁਮਤੀ ਪਟੀਸ਼ਨ (SLP) ਦੀ ਸਥਿਤੀ ਬਾਰੇ ਪੁੱਛਿਆ।

ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਵਕੀਲ ਚੇਤਨ ਮਿੱਤਲ ਨੇ ਦਲੀਲ ਦਿੱਤੀ ਕਿ ਪੰਜਾਬ ਦੇ ਲਗਭਗ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਬਕਾਏ ਮਿਲਣ ਦੀ ਉਡੀਕ ਕਰ ਰਹੇ ਹਨ। ਮੁੱਖ ਸਕੱਤਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਐਡਵੋਕੇਟ-ਆਨ-ਰਿਕਾਰਡ ਤੋਂ ਪਟੀਸ਼ਨ ਦੀ ਸਥਿਤੀ ਬਾਰੇ ਜਾਣਕਾਰੀ ਲੈਣੀ ਪਵੇਗੀ, ਜਿਸ ਤੋਂ ਬਾਅਦ ਉਹ ਹਲਫ਼ਨਾਮਾ ਦਾਇਰ ਕਰਨਗੇ। ਉਨ੍ਹਾਂ ਨੇ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸਬੰਧੀ ਜਵਾਬ ਦੇਣ ਲਈ ਹੋਰ ਸਮਾਂ ਵੀ ਮੰਗਿਆ।

ਇਹ ਮਾਮਲਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਦੀ ਅਦਾਇਗੀ ਨਾਲ ਸਬੰਧਤ ਨਿਆਂਇਕ ਕਾਰਵਾਈ ਦੌਰਾਨ ਦਾਇਰ ਕੀਤੇ ਗਏ ਹਲਫ਼ਨਾਮੇ ਅਤੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀ ਸਥਿਤੀ ਨੂੰ ਲੈ ਕੇ ਉੱਠੇ ਸਵਾਲਾਂ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 30 ਅਕਤੂਬਰ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।

ਧਿਆਨ ਰਹੇ ਕਿ 9 ਅਕਤੂਬਰ ਨੂੰ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਦਾਲਤ ਵਿਚ ਪੇਸ਼ ਹੋਏ ਸਨ। ਮਾਮਲੇ ਵਿਚ ਮੁੱਖ ਸਕੱਤਰ ਖ਼ਿਲਾਫ਼ ਅਵਮਾਨਤਾ ਦੀ ਕਾਰਵਾਈ ਦਾ ਮੁੱਦਾ ਵੀ ਉੱਠਿਆ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਅਦਾਲਤ ਦੀ ਗਰਿਮਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਓਥੇ ਹੀ ਪੰਜਾਬ ਸਰਕਾਰ ਵੱਲੋਂ ਪੇਸ਼ ਸੀਨੀਅਰ ਐਡਵੋਕੇਟ ਵਿਕਾਸ ਸਿੰਘ ਨੇ ਕਿਹਾ ਸੀ ਕਿ ਮੁੱਖ ਸਕੱਤਰ ਦਾ ਅਦਾਲਤ ਨੂੰ ਗੁਮਰਾਹ ਕਰਨ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇ ਅਦਾਲਤ ਚਾਹੇ ਤਾਂ ਮੁੱਖ ਸਕੱਤਰ ਬਿਨਾਂ ਸ਼ਰਤ ਮਾਫ਼ੀ ਮੰਗਣ ਲਈ ਤਿਆਰ ਹਨ।

ਅੱਜ ਅਦਾਲਤ ਨੇ ਸਰਕਾਰ ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਆਪਣਾ ਵਿਸਥਾਰਪੂਰਵਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ 2026 ਨੂੰ ਹੋਵੇਗੀ। ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਸਰਕਾਰ ਦੇ ਜਵਾਬ ਅਤੇ ਅਦਾਲਤ ਦੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।




Related Post