ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ’ਚ ED, ਪ੍ਰੋਡਕਸ਼ਨ ਵਾਰੰਟ ਜਾਰੀ
ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ 9 ਅਕਤੂਬਰ ਨੂੰ ਪੇਸ਼ੀ
Former DIG Harcharan Singh Bhullar Case : ਚੰਡੀਗੜ੍ਹ ਦੀ ਕੋਰਟ ਨੇ ਸਾਬਕਾ ਪੰਜਾਬ ਪੁਲਿਸ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਤਾਜ਼ਾ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਮਾਡਲ ਜੇਲ੍ਹ ਬੁੜੈਲ ਦੇ ਅਧਿਕਾਰੀਆਂ ਨੂੰ ਭੁੱਲਰ ਨੂੰ 9 ਅਕਤੂਬਰ 2026 ਨੂੰ ਸਰੀਰਕ ਤੌਰ ’ਤੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।ਈਡੀ ਨੇ ਸੀਬੀਆਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਈਡੀ ਦੀ ਅਰਜ਼ੀ ’ਤੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਹੁਣ ਉਨ੍ਹਾਂ ਨੂੰ 9 ਅਕਤੂਬਰ ਨੂੰ ਸਵੇਰੇ 10 ਵਜੇ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਦੌਰਾਨ ਈਡੀ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਸਕਦੀ ਹੈ। ਇਸ ਤੋਂ ਪਹਿਲਾਂ ਈਡੀ ਨੇ ਰਿਸ਼ਵਤ ਦੇ ਮਾਮਲੇ ਵਿੱਚ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨੁ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਮਾਮਲੇ ਵਿੱਚ ਐੱਫ ਆਈ ਆਰ ਸੀ ਬੀ ਆਈ ਵੱਲੋਂ ਆਕਾਸ਼ ਬੱਤਾ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਭੁੱਲਰ, ਜੋ ਉਸ ਸਮੇਂ ਪੰਜਾਬ ਪੁਲੀਸ ਵਿੱਚ ਡੀਆਈਜੀ, ਰੋਪੜ ਰੇਂਜ ਵਜੋਂ ਤਾਇਨਾਤ ਸਨ, ਨੇ ਥਾਣਾ ਸਰਹਿੰਦ ਵਿਖੇ ਦਰਜ ਐੱਫ ਆਈ ਆਰ ਵਿੱਚ ਰਾਹਤ ਦਿਵਾਉਣ ਅਤੇ ਸ਼ਿਕਾਇਤਕਰਤਾ ਦੇ ਕਾਰੋਬਾਰ ਖਿਲਾਫ਼ ਕੋਈ ਸਖ਼ਤ ਕਦਮ ਨਾ ਚੁੱਕਣ ਨੂੰ ਯਕੀਨੀ ਬਣਾਉਣ ਲਈ ਇੱਕ ਨਿੱਜੀ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਨਾਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ, ਇੱਕ ਜਾਲ ਵਿਛਾਇਆ ਗਿਆ ਅਤੇ 16 ਅਕਤੂਬਰ, 2025 ਨੂੰ ਸ਼ਿਕਾਇਤਕਰਤਾ ਤੋਂ ਮੰਗੀ ਗਈ ਰਿਸ਼ਵਤ ਦੇ ਹਿੱਸੇ ਵਜੋਂ ਕਥਿਤ ਤੌਰ 'ਤੇ 5,00,000 ਰੁਪਏ ਲੈਂਦਿਆਂ ਭੁੱਲਰ ਦੇ ਕਥਿਤ ਸਾਥੀ ਕ੍ਰਿਸ਼ਾਨੂ ਸ਼ਾਰਦਾ ਨੂੰ ਸਭ ਤੋਂ ਪਹਿਲਾਂ ਕਾਬੂ ਕੀਤਾ ਗਿਆ। ਉਸੇ ਦਿਨ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਦੱਸ ਦੇਈਏ ਕਿ ਸਾਬਕਾ DIG ਭੁੱਲਰ ਇਸ ਸਮੇਂ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਬੰਦ ਹਨ। ਸੀਬੀਆਈ ਨੇ ਲਗਭਗ ਇੱਕ ਸਾਲ ਪਹਿਲਾਂ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਰਿਸ਼ਵਤ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ CBI ਨੇ 16 ਅਕਤੂਬਰ 2025 ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ। CBI ਮਾਮਲਾ ਕਥਿਤ ₹5 ਲੱਖ ਦੀ ਰਿਸ਼ਵਤ ਨਾਲ ਜੁੜਿਆ ਹੈ, ਜਿਸ ਵਿੱਚ ਕ੍ਰਿਸ਼ਨੂ ਸ਼ਾਰਦਾ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ।
ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਜੁੜੇ ਪਹਿਲੂਆਂ ਨੂੰ ਹੁਣ ਈਡੀ ਆਪਣੀ ਜਾਂਚ ਵਿੱਚ ਸ਼ਾਮਲ ਕਰ ਰਹੀ ਹੈ। ਈਡੀ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਦੀ ਕਿੱਥੇ-ਕਿੱਥੇ ਵਰਤੋਂ ਕੀਤੀ ਗਈ।