Supreme Court ਦਾ ਵੱਡਾ ਫੈਸਲਾ , ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਚ ਪੈਣਗੀਆਂ ਮੁੜ ਚੋਣਾਂ
ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ਦੇ 50 ਵਾਰਡਾਂ 'ਚ ਮੁੜ ਚੋਣਾਂ ਕਰਵਾਉਣ ਦੇ ਹੁਕਮ
ਪੰਜਾਬ ਦੇ ਇਨ੍ਹਾਂ ਜਿਲ੍ਹਿਆਂ 'ਚ ਮੁੜ ਚੋਣਾਂ : ਸੁਪਰੀਮ ਕੋਰਟ ਨੇ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਦੇ 50 ਮਿਊਂਸਪਲ ਵਾਰਡਾਂ ਵਿੱਚ ਨਵੇਂ ਸਿਰਿਓਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੋਣ ਵਾਲੀਆਂ ਮੁੜ ਚੋਣਾਂ ਲਈ ਮਾਨੀਟਰਿੰਗ ਕਮੇਟੀ ਬਣਾਉਣ ਦੇ ਹੁਕਮ ਵੀ ਜਾਰੀ ਹੋਏ ਹਨ ਅਤੇ ਇਸਦੇ ਨਾਲ ਹੀ ਨਵੀਂ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਇਹ ਸਾਰੀ ਮੁੜ ਚੋਣ ਪ੍ਰਕਿਰਿਆ 6 ਹਫ਼ਤਿਆਂ ਵਿੱਚ ਮੁਕੰਮਲ ਕੀਤੀ ਜਾਣ ਦੇ ਨਿਰਦੇਸ਼ ਹਨ।
ਇਹ ਹੁਕਮ ਚੀਫ਼ ਜਸਟਿਸ ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ‘ਸੀਮਾ ਸ਼ਰਮਾ ਤੇ ਹੋਰ ਬਨਾਮ ਪੰਜਾਬ ਸਰਕਾਰ’ ਮਾਮਲੇ ਦੀ ਸੁਣਵਾਈ ਦੌਰਾਨ ਜਾਰੀ ਕੀਤੇ।
ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸੇਵਾਮੁਕਤ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕੀਤਾ। ਕਮਿਸ਼ਨ ਦੀ ਸਥਾਪਨਾ 24 ਮਾਰਚ 2025 ਨੂੰ ਕੀਤੀ ਗਈ ਸੀ।
ਰਿਪੋਰਟ ਮੁਤਾਬਕ ਨਾਮਜ਼ਦਗੀਆਂ ਭਰਨ ਦੌਰਾਨ ਵਿਆਪਕ ਪੱਧਰ ’ਤੇ ਰੁਕਾਵਟਾਂ ਪਾਏ ਜਾਣ ਦੀ ਗੱਲ ਸਾਹਮਣੇ ਆਈ। ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਣ ਦੀ ਗੱਲ ਕਹੀ ਗਈ ਹੈ।
ਇਸ ਤੋਂ ਇਲਾਵਾ ਪਟਿਆਲਾ ਦੇ ਵਾਰਡ ਨੰਬਰ 15 ਅਤੇ 58 ਵਿੱਚ ਬੋਗਸ ਅਤੇ ਦੋਹਰੀ ਵੋਟਿੰਗ ਦੇ ਸਬੂਤ ਮਿਲਣ ਦਾ ਜ਼ਿਕਰ ਰਿਪੋਰਟ ਵਿੱਚ ਕੀਤਾ ਗਿਆ। ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਅਤੇ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿੱਚ ਵੀ ਚੋਣ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਸਾਹਮਣੇ ਆਈਆਂ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਰਕਾਰ ਨੂੰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੰਨਣ ’ਤੇ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਬੰਧਤ ਸਾਰੇ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ।