ਪੰਜਾਬੀ ਕਾਂਗਰਸ ਦੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਐਸਜੀਪੀਸੀ ਦਾ ਕੰਟਰੋਲ ਖੋਹਣ ਵਾਸਤੇ ਰਣਜੀਤ ਸਿੰਘ ਕਮਿਸ਼ਨ ਅਤੇ ਨਕਲੀ ਜਥੇਦਾਰਾਂ ਦਾ ਇਸਤੇਮਾਲ ਕਰਨ ਦੀ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ:ਸੁਖਬੀਰ ਬਾਦਲ

By  Shanker Badra August 15th 2018 07:55 PM -- Updated: August 15th 2018 07:57 PM

ਪੰਜਾਬੀ ਕਾਂਗਰਸ ਦੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਐਸਜੀਪੀਸੀ ਦਾ ਕੰਟਰੋਲ ਖੋਹਣ ਵਾਸਤੇ ਰਣਜੀਤ ਸਿੰਘ ਕਮਿਸ਼ਨ ਅਤੇ ਨਕਲੀ ਜਥੇਦਾਰਾਂ ਦਾ ਇਸਤੇਮਾਲ ਕਰਨ ਦੀ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ:ਸੁਖਬੀਰ ਬਾਦਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬੀ ਕਾਂਗਰਸ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਖੋਹਣ ਵਾਸਤੇ ਰਣਜੀਤ ਸਿੰਘ ਕਮਿਸ਼ਨ ਅਤੇ ਨਕਲੀ ਜਥੇਦਾਰਾਂ ਦਾ ਇਸਤੇਮਾਲ ਕਰਨ ਦੀ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਦੀ ਯਾਦ ਵਿਚ ਰੱਖੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਇੱਕ ਅਜਿਹੀ ਰਿਪੋਰਟ ਆਪਣੇ ਨਾਂ ਹੇਠ ਜਾਰੀ ਕਰਕੇ ਧਰਮ ਦੇ ਨਾਂ ਉੱਤੇ ਸਿਆਸਤ ਕੀਤੀ ਹੈ,ਜਿਸ ਨੂੰ 10 ਜਨਪਥ ਤੋਂ ਗਾਂਧੀ ਪਰਿਵਾਰ ਦੇ ਨਿਰਦੇਸ਼ਾਂ ਉੱਤੇ ਚੰਡੀਗੜ੍ਹ ਪੰਜਾਬ ਭਵਨ ਵਿਚ ਕਾਂਗਰਸ ਦੇ ਜਥੇਦਾਰਾਂ ਵੱਲੋਂ ਤਿਆਰ ਕੀਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਤੋਪਾਂ ਨਾਲ ਹਮਲਾ ਕਰਨ ਵਾਲੀ ਅਤੇ 1984 ਵਿਚ ਸਿੱਖਾਂ ਦੇ ਕਤਲੇਆਮ ਦੀ ਅਗਵਾਈ ਕਰਨ ਵਾਲੀ ਕਾਂਗਰਸ ਅਕਾਲੀ ਦਲ ਨੂੰ ਬੇਅਦਬੀ ਦੇ ਮਾਮਲਿਆਂ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਚਾਹੁੰਦਾ ਹੈ,ਜਿਸ ਵਾਸਤੇ ਪਾਰਟੀ ਮੰਗ ਕਰ ਚੁੱਕੀ ਹੈ ਕਿ ਇਹਨਾਂ ਸਾਰੇ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਦਾਅਵਿਆਂ ਦੀ ਵੀ ਪੋਲ ਖੋਲ੍ਹੀ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅੱਜ ਅਖ਼ਬਾਰਾਂ ਵਿਚ ਪੂਰੇ ਪੰਨੇ ਦੇ ਇਸ਼ਤਿਹਾਰ ਦੇ ਕੇ ਅਜਿਹੇ ਦਾਅਵੇ ਕੀਤੇ ਹਨ ਕਿ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਦਿੱਤਾ ਗਿਆ ਹੈ, 1.80 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲ ਗਈਆਂ ਹਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਸਾਰੀਆਂ ਗੱਲਾਂ ਸੱਚ ਤੋਂ ਕੋਹਾਂ ਦੂਰ ਹਨ।ਸੱਚਾਈ ਇਹ ਹੈ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਕੋਲੋਂ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਕਰ ਦੇ ਰੂਪ ਵਿਚ ਟੈਕਸ ਲਗਾ ਕੇ 3 ਹਜ਼ਾਰ ਕਰੋੜ ਦੀ ਕਮਾਈ ਕੀਤੀ ਹੈ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 90 ਹਜ਼ਾਰ ਕਰੋੜ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਜਦਕਿ ਕਿਸਾਨਾਂ ਦੇ ਸਿਰਫ 900 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਨਸ਼ਿਆਂ ਬਾਰੇ ਪੂਰੀ ਮੁਹਿੰਮ ਚਲਾਈ ਸੀ।ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਾਰਵਾਈ ਕੀਤੀ ਹੈ, ਕਿਉਂਕਿ ਕਾਂਗਰਸੀ ਰਾਜ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਕਰਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ।

-PTCNews

Related Post