ਪੰਜਾਬ, ਚੰਡੀਗੜ੍ਹ ਸਣੇ ਦਿੱਲੀ 'ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ, ਡਿਗਿਆ ਪਾਰਾ, ਗਰਮੀ ਤੋਂ ਮਿਲੀ ਰਾਹਤ

By  Shanker Badra May 29th 2020 12:18 PM

ਪੰਜਾਬ, ਚੰਡੀਗੜ੍ਹ ਸਣੇ ਦਿੱਲੀ 'ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ, ਡਿਗਿਆ ਪਾਰਾ, ਗਰਮੀ ਤੋਂ ਮਿਲੀ ਰਾਹਤ:ਚੰਡੀਗੜ੍ਹ : ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਵੀਰਵਾਰ ਸ਼ਾਮ ਨੂੰ ਹੋਈ ਹਲਕੀ ਬਾਰਿਸ਼ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਸਵੇਰੇ ਲੋਕਾਂ ਨੂੰ ਅੱਤ ਦੀ ਗਰਮੀ ਨੇ ਬੇਹਾਲ ਕੀਤਾ ਹੋਇਆ ਸੀ ਪਰ ਦੁਪਹਿਰ ਬਾਅਦ ਬਦਲੇ ਅਚਾਨਕ ਮੌਸਮ ਨੇ ਕਰਵਟ ਲਈ ਤੇ ਚਾਰੇ ਪਾਸੇ  ਘੁੱਪ ਹਨੇਰਾ ਛਾ ਗਿਆ। ਪੰਜਾਬ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਟਿਆਲਾ, ਲੁਧਿਆਣਾ, ਮਾਨਸਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਫਰੀਦਕੋਟ, ਮੁਕਤਸਰ 'ਚ ਵੀਰਵਾਰ ਨੂੰ ਹਨੇਰੀ ਦੇ ਨਾਲ ਮੀਂਹ ਪਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਹਨੇਰੀ ਕਾਰਨ ਵੱਡੀ ਗਿਣਤੀ 'ਚ ਦਰਖ਼ਤ ਤੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗ ਗਏ ,ਜਿਸ ਕਾਰਨ ਬੱਤੀ ਸਾਰੀ ਰਾਤ ਗੁੱਲ ਰਹੀ ਹੈ। ਕਈ ਘਰਾਂ ਦੀਆਂ ਛੱਤਾਂ ਵੀ ਉੱਡ ਗਈਆਂ। ਹਾਲਾਂਕਿ ਕਿਤੇ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੀਂਹ ਨਾਲ ਵੱਧ ਤੋਂ ਵੱਧ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ ਅਤੇ ਪੱਛਮੀ ਬੰਗਾਲ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਹਨ੍ਹੇਰੀ-ਤੂਫਾਨ ਆਉਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਪਹਾੜੀ ਖੇਤਰਾਂ 'ਚ ਗੜ੍ਹੇ ਪੈਣ ਦੇ ਨਾਲ ਹੀ ਬਿਜਲੀ ਚਮਕਣ ਦਾ ਅੰਦਾਜ਼ਾ ਜਤਾਇਆ ਗਿਆ ਹੈ ਭਾਰਤੀ ਮੌਸਮ ਵਿਭਾਗ ਦੇ ਖੇਤਰੀ ਭਵਿੱਖਬਾਣੀ ਕੇਂਦਰ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਦੱਸਿਆ ਹੈ ਕਿ ਹੇਠਲੇ ਪੱਧਰ 'ਤੇ ਤਾਜ਼ਾ ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਚੱਲਣ ਕਾਰਨ ਮੌਸਮ 'ਚ ਬਦਲਾਅ ਹੋਇਆ ਹੈ। ਉਨ੍ਹਾਂ ਦੱਸਿਆ ਕਿ 29-30 ਮਈ ਨੂੰ ਦਿੱਲੀ-ਐੱਨ.ਸੀ.ਆਰ 'ਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਧੂੜ ਭਰੀ ਹਨ੍ਹੇਰੀ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। -PTCNews

Related Post