ਰਾਜੋਆਣਾ ਦੀ ਭੈਣ ਵੱਲੋਂ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਫ਼ੈਸਲਾ ਸੁਣਾਉਣ ਦੀ ਅਪੀਲ

By  Jasmeet Singh September 28th 2022 05:41 PM

ਨਵੀਂ ਸ਼ਰਮਾ, (ਲੁਧਿਆਣਾ, 28 ਸਤੰਬਰ): ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਜਲਦ ਫੈਸਲਾ ਲੈਣ ਦੇ ਆਦੇਸ਼ ਤੋਂ ਬਾਅਦ, ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਨੂੰ ਜੇਲ੍ਹ 'ਚ ਬੰਦ 27 ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਤੇ ਸਰਕਾਰ ਨੂੰ ਹੁਣ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਉਣਾ ਚਾਹੀਦਾ ਹੈ।

ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਪਿਛਲੇ ਕਾਫ਼ੀ ਸਮੇਂ ਤੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਲਗਾਈ ਗਈ ਅਪੀਲ ਦੇ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਕੇਂਦਰ ਸਰਕਾਰ ਵੱਲੋਂ ਦੋ ਵਾਰ ਸਮਾਂ ਮੰਗਿਆ ਗਿਆ ਸੀ। ਪਰ ਅੱਜ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦੋ ਦਿਨਾਂ ਵਿੱਚ ਆਪਣਾ ਫੈਸਲਾ ਲੈਣ ਦੀ ਗੱਲ ਕਹੀ ਗਈ ਹੈ ਅਤੇ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਸਿਆਸਤ ਗਰਮਾ ਗਈ ਹੈ।

ਜਿੱਥੇ ਇੱਕ ਪਾਸੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ। ਉਥੇ ਹੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਭਰਾ ਰਾਜੋਆਣਾ ਨੂੰ ਜੇਲ੍ਹ ਵਿੱਚ 27 ਸਾਲ ਹੋ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਜਾਵੇ। ਜਿਸ ਦੇ ਬਾਰੇ ਬੋਲਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਹੈ ਕਿਹਾ ਸੁਪਰੀਮ ਕੋਰਟ ਵਿੱਚ ਤਰੀਕ ਦੇ ਦੌਰਾਨ ਕੇਂਦਰ ਸਰਕਾਰ ਵੱਲੋਂ ਦੋ ਮਹੀਨੇ ਦਾ ਸਮਾਂ ਮੰਗਿਆ ਗਿਆ ਅਤੇ ਮੁੜ ਮਈ ਮਹੀਨੇ ਵਿੱਚ ਫਿਰ ਤੋਂ ਦੋ ਮਹੀਨੇ ਦਾ ਸਮਾਂ ਮੰਗਿਆ ਗਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਵਾਰ ਫਿਰ ਮੁੜ ਤੋਂ ਸਮਾਂ ਮੰਗਿਆ ਤਾਂ ਸੁਪ੍ਰੀਮ ਕੋਰਟ ਨੇ ਉਨ੍ਹਾਂ ਨੂੰ ਆਪਣਾ ਫੈਸਲਾ ਦੱਸਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਜਾਰੀ ਕਰੇ।

-PTC News

Related Post