ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

By  Shanker Badra November 27th 2021 01:31 PM -- Updated: November 27th 2021 02:11 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਮੁੱਖ ਮੰਤਰੀ ਨਿਵਾਸ ਵੱਲ ਮਾਰਚ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ.ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਸਮੇਤ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ ਅਤੇ ਮਗਰੋਂ ਹਿਰਾਸਤ 'ਚ ਲੈ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ 'ਤੇ ਡਰੱਗ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਇੱਕ ਮੀਟਿੰਗ ਹੋਈ ਸੀ। ਜਿਸ ਵਿੱਚ ਚੰਨੀ ਅਤੇ ਸਿੱਧੂ ਨੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਮਜੀਠੀਆ ਹੀ ਨਹੀਂ ਬਲਕਿ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਪਰਚਾ ਦਰਜ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਡਰਨ ਵਾਲੀ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਕਾਂਗਰਸ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਕੋਰ ਕਮੇਟੀ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਕਰਨਾ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਿਆ

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ 'ਚ ਹਿੰਮਤ ਹੈ ਤਾਂ ਉਹ ਡਰੱਗ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੰਨੀ ਨੂੰ ਆਰਜ਼ੀ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਕਿਉਂਕਿ ਸਿੱਧੂ ਹੀ ਸਾਰੇ ਫੈਸਲੇ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਮਾਨਸਿਕ ਸੰਤੁਲਨ ਗੁਆ ​​ਚੁੱਕੇ ਹਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਇਸ ਜੁੰਡਲੀ ਨੇ ਬੇਅਦਬੀ ਮਾਮਲੇ ਵਿੱਚ ਝੂਠੇ ਗਵਾਹ ਪੇਸ਼ ਕਰਕੇ ਉਨ੍ਹਾਂ ਵਿਰੁੱਧ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਸੀ ਪਰ ਮਾਮਲੇ ਦਾ ਖੁਲਾਸਾ ਹੋਣ ਨਾਲ ਉਨ੍ਹਾਂ ਦੀ ਹਿੰਮਤ ਜਵਾਬ ਦੇ ਗਈ। ਹੁਣ ਉਨ੍ਹਾਂ ਨੇ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਨ ਦੀ ਯੋਜਨਾ ਬਣਾਈ ਹੈ।

-PTCNews

Related Post