ਸ਼੍ਰੋਮਣੀ ਅਕਾਲੀ ਦਾ ਵਫ਼ਦ ਸਿੱਖ ਮੁੱਦਿਆਂ ਉੱਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ

By  Shanker Badra June 18th 2018 07:49 PM

ਸ਼੍ਰੋਮਣੀ ਅਕਾਲੀ ਦਾ ਵਫ਼ਦ ਸਿੱਖ ਮੁੱਦਿਆਂ ਉੱਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ:ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ ਅਤੇ ਭਾਰਤ ਸਰਕਾਰ ਨੂੰ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਕੀ ਗੁਰਦੁਆਰਿਆਂ ਉੱਤੇ ਕੀਤੇ ਫੌਜੀ ਹਮਲੇ ਨਾਲ ਸੰਬੰਧਿਤ ਗੁਪਤ ਦਸਤਾਵੇਜ਼ਾਂ ਨੂੰ ਜਾਰੀ ਕਰਨ ਲਈ ਆਖੇਗਾ।ਇਸ ਦੇ ਨਾਲ ਹੀ ਬਰਤਾਨੀਆ ਦੀ ਇਸ ਹਮਲੇ ਵਿਚ ਭੂਮਿਕਾ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਬਰਤਾਨੀਆ ਸਰਕਾਰ ਤੋਂ ਹਾਸਿਲ ਕਰਨ ਲਈ ਆਖੇਗਾ।ਇਹ ਵਫ਼ਦ ਆਪਣੀ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਦੀ ਦੇਸ਼ ਦੀਆਂ ਵੱਖ ਵੱਖ ਜੇਲ•ਾਂ ਵਿਚ ਰੁਲ ਰਹੇ ਸਿੱਖ ਕੈਦੀਆਂ ਦੀ ਭਾਰਤ ਸਰਕਾਰ ਤੋਂ ਰਿਹਾਈ ਦੀ ਮੰਗ ਕਰੇਗਾ। ਇਸ ਤੋਂ ਇਲਾਵਾ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਵੀ ਤੁਰੰਤ ਜਾਰੀ ਕਰਨ ਲਈ ਆਖੇਗਾ।

ਇਸ ਬਾਰੇ ਫੈਸਲਾ ਕੱਲ ਸ਼ਾਮੀਂ ਇੱਥੇ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੇ ਸਰਪ੍ਰਸਤ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ.ਪ੍ਰਕਾਸ਼ ਸਿੰਘ ਬਾਦਲ ਵੀ ਹਾਜ਼ਿਰ ਸਨ।ਉਹਨਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ,ਰਣਜੀਤ ਸਿੰਘ ਬ੍ਰਹਮਪੁਰਾ,ਸੁਖਦੇਵ ਸਿੰਘ ਢੀਂਡਸਾ,ਬਲਵਿੰਦਰ ਸਿੰਘ ਭੂੰਦੜ,ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ,ਬਿਕਰਮ ਸਿੰਘ ਮਜੀਠੀਆ, ਡਾ.ਦਲਜੀਤ ਸਿੰਘ ਚੀਮਾ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ,ਸਿਕੰਦਰ ਸਿੰਘ ਮਲੂਕਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਸ਼ਾਮਿਲ ਸਨ।

ਕੋਰ ਕਮੇਟੀ ਦੀ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਵਫ਼ਦ ਭਾਰਤ ਸਰਕਾਰ ਕੋਲ ਫਸਲਾਂ ਦੀਆਂ ਕੀਮਤਾਂ ਬਾਰੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਅਪੀਲ ਕਰੇਗਾ ਤਾਂ ਕਿ ਕਿਸਾਨਾਂ ਨੂੰ ਫਸਲਾਂ ਦੀ ਲਾਗਤ ਉੱਤੇ ਘੱਟੋਂ ਘੱਟ 50 ਫੀਸਦੀ ਮੁਨਾਫਾ ਮਿਲ ਸਕੇ।ਖੇਤੀਬਾੜੀ ਇੱਕ ਮੁਨਾਫੇਯੋਗ ਧੰਦਾ ਨਹੀਂ ਰਿਹਾ ਹੈ।ਇਸ ਦੇ ਉਲਟ ਕਿਸਾਨ ਅਤੇ ਖੇਤ ਮਜ਼ਦੂਰ ਇਤਿਹਾਸ ਵਿਚ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਨ, ਜਿਸ ਨੇ ਉਹਨਾਂ ਦੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਦਿੱਤੀਆਂ ਹਨ।ਹਾਲਤ ਇੰਨੇ ਗੰਭੀਰ ਹਨ ਕਿ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਰਨੀ ਛੱਡ ਚੁੱਕੇ ਹਨ,ਪਰ ਖੇਤੀ ਛੱਡ ਚੁੱਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕੋਈ ਬਹੁਤੇ ਵਿਕਲਪ ਉਪਲੱਬਧ ਨਹੀਂ ਹਨ।ਸਿੱਟੇ ਵਜੋਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਖੁਦਕੁਸ਼ੀਆਂ ਦਾ ਰਾਹ ਫੜ ਲਿਆ ਹੈ।ਉਹਨਾਂ ਕਿਹਾ ਕਿ ਹਾਲਾਤ ਮੰਗ ਕਰਦੇ ਹਨ ਕਿ ਸਰਕਾਰ ਵੱਲੋਂ ਤੁਰੰਤ ਠੋਸ ਕਦਮ ਚੁੱਕ ਕੇ ਲੱਖਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾਣ।

ਬੈਂਸ ਨੇ ਕਿਹਾ ਕਿ ਵਫ਼ਦ ਵੱਲੋਂ ਇਤਿਹਾਸਕ ਗੁਰਦੁਆਰਾ ਡਾਂਗ ਮਾਰ ਸਾਹਿਬ ਦਾ ਮੁੱਦਾ ਸੁਲਝਾਉਣ ਵਾਸਤੇ ਵੀ ਕੇਂਦਰੀ ਗ੍ਰਹਿ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਜਾਵੇਗੀ।ਇਸੇ ਤਰ੍ਹਾਂ ਵਫ਼ਦ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਕੇਂਦਰੀ ਗ੍ਰਹਿ ਮੰਤਰੀ ਦੀ ਦਖ਼ਲ ਦੇਣ ਦੀ ਅਪੀਲ ਕਰੇਗਾ।ਉਹਨਾਂ ਕਿਹਾ ਕਿ ਇੱਥੇ ਰਹਿੰਦੇ ਸਿੱਖਾਂ ਦੇ ਮਨਾਂ ਅੰਦਰ ਬਹੁਤ ਹੀ ਗੰਭੀਰ ਅਸੁਰੱਖਿਆ ਦੀ ਭਾਵਨਾ ਹੈ,ਜਿਸ ਨਾਲ ਪੂਰੇ ਮੁਲਕ ਦੀਆਂ ਘੱਟ ਗਿਣਤੀਆਂ ਅੰਦਰ ਇੱਕ ਗਲਤ ਸੁਨੇਹਾ ਜਾ ਰਿਹਾ ਹੈ।ਸ਼ਿਲਾਂਗ ਬਾਰੇ ਟਿੱਪਣੀ ਕਰਦਿਆਂ ਬੈਂਸ ਨੇ ਕਿਹਾ ਕਿ ਸਿੱਖ ਇੱਥੇ ਸ਼ਾਂਤੀ ਨਾਲ ਰਹਿੰਦੇ ਆ ਰਹੇ ਹਨ ਅਤੇ ਉਹਨਾਂ ਨੇ ਇਸ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਵਿਚ ਵੱਡਾ ਯੋਗਦਾਨ ਪਾਇਆ ਹੈ।ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਆਖੇਗਾ ਕਿ ਜਿਹਨਾਂ ਥਾਵਾਂ ਉੱਤੇ ਸਿੱਖ ਦਹਾਕਿਆਂ ਤੋਂ ਰਹਿ ਰਹੇ ਹਨ,ਉਹਨਾਂ ਨੂੰ ਉੱਥੇ ਦੀ ਮਾਲਕੀ ਦੇ ਅਧਿਕਾਰ ਦਿੱਤੇ ਜਾਣੇ ਚਾਹੀਦੇ ਹਨ।

-PTCNews

Related Post