ਸ਼੍ਰੋਮਣੀ ਅਕਾਲੀ ਦਲ ਵੱਲੋਂ ਝੋਨੇ ਦੀ ਪਨੀਰੀ ਅਤੇ ਸਿੱਧੀ ਬਿਜਾਈ ਲਈ 12 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੀ ਮੰਗ

By  Shanker Badra May 20th 2020 08:27 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਝੋਨੇ ਦੀ ਪਨੀਰੀ ਅਤੇ ਸਿੱਧੀ ਬਿਜਾਈ ਲਈ 12 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੀ ਮੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਝੋਨੇ ਦੀ ਪਨੀਰੀ ਲਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਸਤੇ ਖੇਤੀਬਾੜੀ ਸੈਕਟਰ ਲਈ ਲਗਾਤਾਰ 12 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਲੋੜ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਸਿੱਧੀ ਬਿਜਾਈ ਰਾਹੀਂ ਵੀ ਝੋਨੇ ਦੀ ਬਿਜਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਨੇ ਸ਼ਿਕਾਇਤ ਕੀਤੀ ਹੈ ਕਿ ਵਾਰ ਵਾਰ ਬਿਜਲੀ ਗੁੱਲ ਹੋ ਜਾਂਦੀ ਹੈ।

ਉਹਨਾਂ ਕਿਹਾ ਕਿ ਬਿਜਲੀ ਦੀ ਸਪਲਾਈ ਵਿਚ ਪੈਂਦੇ ਇਹਨਾਂ ਤਕਨੀਕੀ ਨੁਕਸਾਂ ਨੂੰ ਤੁਰੰਤ ਠੀਕ ਕਰਨ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਅਕਾਲੀ ਆਗੂ ਨੇ ਕਿਹਾ ਕਿ 10 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਬਿਜਾਈ ਨੂੰ ਧਿਆਨ ਵਿਚ ਰੱਖਦਿਆ ਪੇਂਡੂ ਸੈਕਟਰ ਅੰਦਰ ਬਿਜਲੀ ਦੀ ਸਪਲਾਈ ਹੋਰ ਮਜ਼ਬੂਤ ਕੀਤੀ ਜਾਣੀ ਚਾਹੀਦੀ ਹੈ।

-PTCNews

Related Post