ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫ਼ਦ ਅੱਜ ਲਖੀਮਪੁਰ ਖੀਰੀ ਲਈ ਹੋਵੇਗਾ ਰਵਾਨਾ

By  Shanker Badra October 7th 2021 01:15 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ, ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

-PTCNews

Related Post