ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਲਈ ਕੀਤਾ ਸੰਘਰਸ਼ ਵਰਤਮਾਨ ਸਮੇਂ ਵੀ ਪ੍ਰੇਰਣਾ ਸਰੋਤ-ਐਡਵੋਕੇਟ ਧਾਮੀ

By  Pardeep Singh July 13th 2022 05:00 PM

ਅੰਮ੍ਰਿਤਸਰ: ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਕੀਤਾ ਗਿਆ ਸੰਘਰਸ਼ ਸਿੱਖ ਕੌਮ ਲਈ ਪ੍ਰੇਰਣਾ ਦਾ ਸੋਮਾ ਹੈ, ਜਿਸ ਤੋਂ ਅਗਵਾਈ ਲੈ ਕੇ ਪੰਜਾਬ ਨੂੰ ਦਰਪੇਸ਼ ਵਰਤਮਾਨ ਸਮੱਸਿਆਵਾਂ ਦੇ ਹੱਲ ਲਈ ਸਾਰਥਕ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਲਹਿਰ ਤਹਿਤ ਜਗਰਾਉਂ ਹਲਕੇ ਦੇ ਪਿੰਡ ਢੋਲਣ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਯਤਨਾਂ ਨਾਲ ਸੰਤ ਫ਼ਤਹਿ ਸਿੰਘ ਨੂੰ ਸਮਰਪਿਤ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਸੰਤ ਫ਼ਤਹਿ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਘਾਲਣਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸਥਾਰ ਵਿਚ ਪ੍ਰਕਾਸ਼ਤ ਕਰਕੇ ਸੰਗਤ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਪੰਜਾਬ ਦੀ ਨੌਜੁਆਨੀ ਨੂੰ ਸਿੱਖਾਂ ਅਤੇ ਪੰਜਾਬ ਦੇ ਮਸਲਿਆਂ ਪ੍ਰਤੀ ਬੀਤੇ ’ਚ ਕੀਤੇ ਗਏ ਸੰਘਰਸ਼ ਦੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਿੱਤਾਂ ਨੂੰ ਕਈ ਪੱਖਾਂ ਤੋਂ ਵੰਗਾਰਾਂ ਮਿਲ ਰਹੀਆਂ ਹਨ, ਜਿਨ੍ਹਾਂ ਬਾਰੇ ਚੇਤੰਨ ਹੋਣਾ ਸਮੇਂ ਦੀ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜਕ ਕੁਰੀਤੀਆਂ ਵਿਰੁੱਧ ਵੀ ਸੰਗਤ ਨੂੰ ਜਾਗਰੂਕ ਕਰ ਰਹੀ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਮੌਜੂਦਾ ਸਮੇਂ ਦੀਆਂ ਵੰਗਾਰਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇ। ਉਨ੍ਹਾਂ ਧਰਮ ਤਬਦੀਲੀ ਵਰਗੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਣਾ ਕਰਦਿਆਂ ਆਖਿਆ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਨੌਜੁਆਨੀ ਨੂੰ ਆਪਣੇ ਧਰਮ ਇਤਿਹਾਸ ਨਾਲ ਜੋੜਨ ਲਈ ਹਰ ਸਿੱਖ ਯਤਨ ਕਰੇ, ਤਾਂ ਕਿ ਪੰਥ ਵਿਰੋਧੀ ਚਾਲਾਂ ਨੂੰ ਅਸਫਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਢੋਲਣ ਵਿਖੇ ਸੋਲਰ ਸਿਸਟਮ ਵਿਚ ਸਹਾਇਤਾ ਲਈ 1 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਮੱਦਦ ਦਾ ਐਲਾਨ ਵੀ ਕੀਤਾ। ਸਮਾਗਮ ਸਮੇਂ ਵਿਚਾਰ ਸਾਂਝੇ ਕਰਦਿਆਂ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਿਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਹੀ ਹਲਕੇ ਅੰਦਰ ਸਰਗਰਮ ਧਰਮ ਪ੍ਰਚਾਰ ਲਹਿਰ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਵੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਨਗਰ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਵੱਖ-ਵੱਖ ਪਿੰਡਾਂ ਦੇ ਜੋਨ ਬਣਾ ਕੇ ਵੱਡੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਵੀ ਕੀਤੇ ਜਾਣਗੇ। ਇਸ ਦੌਰਾਨ ਹਲਕਾ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੁੱਜੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਗੁਰਮਤਿ ਨਾਲ ਜੋੜਿਆ ਅਤੇ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਫ਼ਤਹਿ ਸਿੰਘ ਦੇ ਸਮਕਾਲੀ ਜਥੇਦਾਰ ਮੱਘਰ ਸਿੰਘ ਅਤੇ ਮਾਸਟਰ ਹਰਬੰਸ ਸਿੰਘ ਅਖਾੜਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ। ਇਸ ਦੌਰਾਨ ਅੰਮ੍ਰਿਤ ਸੰਚਾਰ ਸਮਾਗਮ ਵੀ ਕੀਤਾ ਗਿਆ, ਜਿਸ ਵਿਚ ਕਕਾਰ ਭੇਟਾ ਰਹਿਤ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ,  ਇੰਦਰਪਾਲ ਸਿੰਘ ਚੱਡਾ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਮੈਨੇਜਰ  ਜਰਨੈਲ ਸਿੰਘ,  ਸੁਖਦੇਵ ਸਿੰਘ ਗੁੱਜਣਵਾਲ, ਪ੍ਰਚਾਰਕ ਸਰਬਜੀਤ ਸਿੰਘ, ਸਰਵਣ ਸਿੰਘ, ਨਿਰਭੈ ਸਿੰਘ, ਅਮਰੀਕ ਸਿੰਘ ਢੱਟ, ਰਾਜ ਸਿੰਘ ਮਨਸੂਰਾਂ, ਮੋਹਣ ਸਿੰਘ ਸਿਧਵਾਂ ਕਲਾ, ਜਸਮਿੰਦਰ ਸਿੰਘ ਤਲਵੰਡੀ ਖੁਰਦ, ਪ੍ਰਧਾਨ ਸ਼ਿੰਗਾਰਾ ਸਿੰਘ, ਬੀਬੀ ਦਲਜੀਤ ਸਿੰਘ ਹਠੂਰ, ਬਾਬਾ ਜਸ਼ਨਪ੍ਰੀਤ ਸਿੰਘ, ਅਵਤਾਰ ਸਿੰਘ ਢੋਲਣ,  ਹਰਚੰਦ ਸਿੰਘ ਸੈਕਟਰੀ, ਸ਼ਿੰਗਾਰਾ ਸਿੰਘ, ਅਮਰਜੀਤ ਸਿੰਘ ਰਸੂਲਪੁਰ, ਪ੍ਰੀਤਮ ਸਿੰਘ ਰੂਮੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਹ ਵੀ ਪੜ੍ਹੋ:ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ ਵੱਡਾ ਐਕਸ਼ਨ, ਜਾਂਚ ਲਈ ਦਿੱਤੇ ਹੁਕਮ -PTC News

Related Post