ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

By  Shanker Badra August 29th 2018 05:47 PM -- Updated: August 30th 2018 01:49 PM

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸ਼ਰਾਰਤੀ ਅਨਸਰ ਧਰਮ ਅਸਥਾਨਾਂ ਨੂੰ ਵੀ ਨਫ਼ਰਤੀ ਨਿਗ੍ਹਾ ਨਾਲ ਦੇਖਦੇ ਹਨ।

ਉਨ੍ਹਾਂ ਆਖਿਆ ਕਿ ਦੇਸ਼ ਦੁਨੀਆਂ ਅੰਦਰ ਸਥਾਪਤ ਸਿੱਖ ਕੌਮ ਦੇ ਗੁਰ-ਅਸਥਾਨ ਸਮੁੱਚੀ ਮਨਾਵਤਾ ਲਈ ਸਾਂਝਾ ਉਪਦੇਸ਼ ਦੇਣ ਦੇ ਨਾਲ-ਨਾਲ ਹਰ ਧਰਮ, ਫਿਰਕੇ ਅਤੇ ਵਰਗ ਲਈ ਸੰਗਤ ਤੇ ਪੰਗਤ ਦੇ ਇਕਸਾਰ ਸਿਧਾਂਤ ਲਈ ਪ੍ਰੇਰਣਾ ਸ੍ਰੋਤ ਹਨ ਅਤੇ ਇਹ ਵੀ ਸੱਚ ਹੈ ਕਿ ਜਦੋਂ ਵੀ ਕਿਤੇ ਮਨੁੱਖਤਾ ’ਤੇ ਕੋਈ ਸੰਕਟ ਬਣਦਾ ਹੈ ਤਾਂ ਸਿੱਖ ਸਹਾਇਤਾ ਲਈ ਸਭ ਤੋਂ ਮੋਹਰੀ ਰਹਿੰਦੇ ਹਨ।

ਭਾਈ ਲੌਂਗੋਵਾਲ ਨੇ ਕਿਹਾ ਕਿ ਈਡਨਬਰਗ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

-PTCNews

Related Post