ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਉਂਟ ਆਬੂ (ਰਾਜਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ

By  Jashan A June 19th 2019 05:56 PM

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਉਂਟ ਆਬੂ (ਰਾਜਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ,ਅੰਮ੍ਰਿਤਸਰ: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ (ਰਾਜਸਥਾਨ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉੱਦਮ ਨਾਲ ਹੋਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮੀ ਇਕਜੁਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਇਸ ਇਤਿਹਾਸਕ ਮੌਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਅਤੇ ਸਿੱਖੀ ਦੀ ਚੜ੍ਹਦੀ ਕਲਾ ਦੇ ਪ੍ਰਗਟਾਅ ਨੂੰ ਦੁਨੀਆਂ ਅੰਦਰ ਹੋਰ ਫੈਲਾਉਣ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ।

ਭਾਈ ਲੌਂਗੋਵਾਲ ਨੇ ਮਾਉਂਟ ਆਬੂ ਦੀਆਂ ਸੰਗਤਾਂ ਵੱੱਲੋਂ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਪ੍ਰਸ਼ੰਸਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਗੁਰਮਤਿ ਸਮਾਗਮ ਸਮੇਂ ਸਮੇਂ ਕਰਵਾਉਣ ਦੀ ਵਚਨਬਧਤਾ ਪ੍ਰਗਟਾਈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਉਂਟ ਆਬੂ ਵਿਖੇ ਸਥਿਤ ਗੁਰਦੁਆਰਾ ਸਾਹਿਬ ਲਈ 2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

ਹੋਰ ਪੜ੍ਹੋ: ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਭਾਰਤੀ ਹਾਈ ਕਮਿਸ਼ਨ ਨੂੰ ਮਿਲਣ ਤੋਂ ਰੋਕਣ ਦੀ ਭਾਈ ਲੌਂਗੋਵਾਲ ਨੇ ਕੀਤੀ ਨਿਖੇਧੀ

ਭਾਈ ਲੌਂਗੋਵਾਲ ਨੇ ਨਵੰਬਰ ਮਹੀਨੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋ ਰਹੇ ਸਮਾਗਮਾਂ ਸਮੇਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਪ੍ਰੇਰਨਾ ਵੀ ਕੀਤੀ।ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਉਂਟ ਆਬੂ ਦੇ ਪ੍ਰਧਾਨ ਸ. ਨੱਥਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਸ. ਜਗਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖ ਮਿਸ਼ਨ ਗੁਜਰਾਤ ਦੇ ਇੰਚਾਰਜ ਸ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ, ਭਾਈ ਬਲਵੰਤ ਸਿੰਘ ਤੇ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ .ਹਰਭਜਨ ਸਿੰਘ ਅਹਿਮਦਾਬਾਦ ਤੇ ਦਰਸ਼ਨ ਸਿੰਘ ਪੀ.ਏ. ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

-PTC News

Related Post