SGPC ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

By  Shanker Badra November 21st 2019 07:50 PM

SGPC ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਧਾਰਾ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਜੇਲ੍ਹ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਦੌਰਾਨ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਦਾ ਸਮਾਂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਕਮਾਉਣਾ ਸਾਡੀ ਪਹਿਲ ਹੋਣੀ ਚਾਹੀਦੀ ਹੈ। ਇਹੀ ਗੁਰੂ ਸਾਹਿਬ ਨੂੰ ਸੱਚਾ ਸੁੱਚਾ ਸਤਿਕਾਰ ਹੈ। ਇਸ ਦੌਰਾਨ ਪ੍ਰਚਾਰਕ ਭਾਈ ਸੁਖਵੰਤ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਜੇਲ੍ਹ ਪ੍ਰਸਾਸ਼ਨ ਵੱਲੋਂ ਡੀ.ਐਸ.ਪੀ. ਬਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਦਾ ਸਮਾਗਮ ਵਿਚ ਭਰਵਾਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਪ੍ਰਚਾਰਕਾਂ ਨੂੰ ਹਰ ਸੰਗਰਾਂਦ ਸਮੇਂ ਜੇਲ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਲਈ ਸੱਦਾ ਦਿੱਤਾ। -PTCNews

Related Post