28 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ: ਭਾਈ ਲੌਂਗੋਵਾਲ

By  PTC NEWS March 6th 2020 06:53 PM

-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਵਾਰਡ ਤੇ ਆਈ.ਸੀ.ਸੀ.ਯੂ. ਸਥਾਪਤ -ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਦੁਰਘਟਨਾ ਬੀਮਾ ਦੀ ਸੁਵਿਧਾ ਲਾਗੂ -ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਕਈ ਅਹਿਮ ਫੈਸਲਿਆਂ ’ਤੇ ਮੋਹਰ ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ 28 ਮਾਰਚ ਨੂੰ ਹੋਵੇਗਾ। ਇਹ ਫੈਸਲਾ ਇਥੇ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੀ ਆਫਤ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਵਾਰਡ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ ਸਾਲਾਨਾ ਬਜਟ 28 ਮਾਰਚ ਨੂੰ ਪਾਸ ਕੀਤਾ ਜਾਵੇਗਾ। ਬਜਟ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਬਜਟ ਵਿਚ ਧਰਮ ਪ੍ਰਚਾਰ, ਸਿੱਖਿਆ, ਲੋਕ ਭਲਾਈ ਅਤੇ ਆਉਣ ਵਾਲੀਆਂ ਸ਼ਤਾਬਦੀਆਂ ਲਈ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਜੀਵਨ ਬੀਮੇ ਦੀ ਸੁਵਿੱਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਦੀਆਂ ਹਨ, ਜਿਨ੍ਹਾਂ ਨੂੰ ਬੀਮਾ ਸਹੂਲਤ ਮਿਲੇਗੀ। 20 ਕਿਲੋਮੀਟਰ ਦੇ ਘੇਰੇ ਵਿਚ ਜੇਕਰ ਕਿਸੇ ਸ਼ਰਧਾਲੂ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਨੂੰ ਬੀਮੇ ਤਹਿਤ ਨਿਰਧਾਰਤ ਰਾਸ਼ੀ ਮਿਲੇਗੀ। ਅੰਤ੍ਰਿੰਗ ਕਮੇਟੀ ਵੱਲੋਂ ਕੁਦਰਤੀ ਆਫਤ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਲਈ ਕਾਰਜ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਵੱਖਰੀ ਵਾਰਡ ਤੇ ਆਈ.ਸੀ.ਸੀ.ਯੂ. ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਲਈ ਆਦੇਸ਼ ਦੇ ਦਿੱਤਾ ਗਿਆ ਹੈ। ਵਿਸ਼ੇਸ਼ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਡਾਕਟਰੀ ਟੀਮਾਂ ਕਾਰਜਸ਼ੀਲ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜ਼ੀਫੇ ਬਾਰੇ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਦਿਅਕ ਸੈਸ਼ਨ 2020-21 ਲਈ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ। ਛੇਵੀਂ ਤੋਂ ਦੱਸਵੀਂ ਦੇ ਵਿਦਿਆਰਥੀਆਂ ਨੂੰ 3500/-ਰੁਪਏ, ਗਿਆਰਵੀਂ ਤੇ ਬਾਰਵੀਂ ਲਈ 5000/-ਰੁਪਏ, ਗ੍ਰੈਜੂਏਟ ਪੱਧਰ ਲਈ 8000/-ਰੁਪਏ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 10000/-ਰੁਪਏ ਸਾਲਾਨਾ ਵਜ਼ੀਫਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਹ ਵਜ਼ੀਫੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਭਾਈ ਲੋਂਗੋਵਾਲ ਨੇ ਇਕ ਹੋਰ ਅਹਿਮ ਫੈਸਲੇ ਬਾਰੇ ਦੱਸਿਆ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਚਿਊਟ ਆਫ ਐਡਵਾਂਸਡ ਸਟੱਡੀਜ਼ ਇੰਨ ਸਿੱਖਇਜ਼ਮ ਬਹਾਦਰਗੜ੍ਹ, ਪਟਿਆਲਾ ਵਿਖੇ ਬੈਚੂਲਰ ਆਫ ਗੁਰਦੁਆਰਾ ਮੈਨੇਜਮੈਂਟ ਦਾ ਤਿੰਨ ਸਾਲਾਂ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮਾਨਤਾ ਦਿੱਤੀ ਜਾਵੇਗੀ। ਇਹ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਪਹਿਲ ਦੇ ਅਧਾਰ ’ਤੇ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਉਸ ਦੀ ਪਤਨੀ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਪੁਟੀਸ਼ਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਰਚਾ ਕਰੇਗੀ। ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਭੁਪਿੰਦਰ ਸਿੰਘ ਅਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਕੰਗ, ਸ. ਇੰਦਰਮੋਹਣ ਸਿੰਘ ਲਖਮੀਰਵਾਲਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਵੀਰ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ। -PTC News

Related Post