ਸੰਮਤ ਨਾਨਕਸ਼ਾਹੀ ੫੫੦ ਦੀ ਆਮਦ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

By  Joshi March 14th 2018 02:22 PM

ਸੰਮਤ ਨਾਨਕਸ਼ਾਹੀ ੫੫੦ ਦੀ ਆਮਦ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣ-ਭਾਈ ਲੌਂਗੋਵਾਲ

ਅੰਮ੍ਰਿਤਸਰ: ਸੰਮਤ ਨਾਨਕਸ਼ਾਹੀ ੫੫੦ ਦੀ ਆਮਦ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਭਾਈ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਮੁਬਾਰਕਬਾਦ ਦਿੱਤੀ, ਉੱਥੇ ਹੀ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਪੁਰਬ ਅਤੇ ਹੋਰ ਇਤਿਹਾਸਿਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣ।

ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਕੁਝ ਪੰਥ ਵਿਰੋਧੀ ਸ਼ਕਤੀਆਂ ਵੰਡਣ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਦਾ ਸਾਨੂੰ ਇਕਜੁਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਭਾਈ ਲੌਂਗੋਵਾਲ ਨੇ ਪੰਥ ਦੀ ਚੜ੍ਹਦੀ ਕਲਾ ਲਈ ਆਪਸੀ ਏਕਤਾ ਤੇ ਇਤਫ਼ਾਕ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਕਥਾ ਵਖਿਆਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਰਾਇ ਸਿੰਘ, ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਕਾਰਜ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਈ ਪ੍ਰੀਤਮ ਸਿੰਘ ਦੀ ਅਗਵਾਈ ਵਿਚ ਪਹੁੰਚੀਆਂ ਸੰਗਤਾਂ ਵੀ ਹਾਜ਼ਰ ਸਨ।

ਸੰਮਤ ਨਾਨਕਸ਼ਾਹੀ ੫੫੦ ਦੀ ਆਮਦ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ—PTC News

Related Post