ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ, ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣਾ ਕਰ ਜਾਣ ’ਤੇ SGPC ਵੱਲੋਂ ਸ਼ੋਕ ਸਭਾ ਆਯੋਜਿਤ 

By  Shanker Badra February 1st 2020 02:05 PM

ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ, ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣਾ ਕਰ ਜਾਣ ’ਤੇ SGPC ਵੱਲੋਂ ਸ਼ੋਕ ਸਭਾ ਆਯੋਜਿਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ, ਪ੍ਰਸਿੱਧ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਤੇ ਡਾ. ਬੀਬੀ ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਕੀਤੀ ਗਈ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੂਲ ਮੰਤਰ ਅਤੇ ਗੁਰ ਮੰਤਰ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਠੇਕੇਦਾਰ, ਸ. ਕੰਵਲ ਅਤੇ ਡਾ. ਟਿਵਾਣਾ ਦੇ ਜੀਵਨ ਨੂੰ ਪੰਥਕ ਅਤੇ ਪੰਜਾਬੀਅਤ ਨੂੰ ਸਮਰਪਤ ਦੱਸਿਆ। ਇਸੇ ਦੌਰਾਨ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ। ਸ਼ੋਕ ਸਭਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਚਰਨ ਸਿੰਘ, ਮਨਜੀਤ ਸਿੰਘ ਤਲਵੰਡੀ, ਬੀਬੀ ਮਨਮੋਹਨ ਕੌਰ, ਨਿਰਵੈਲ ਸਿੰਘ ਆਦਿ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਮੌਜੂਦ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣਾ ਕਰ ਜਾਣ ਨੂੰ ਪੰਥਕ ਘਾਟਾ ਕਰਾਰ ਦਿੱਤਾ ਹੈ। ਉਨ੍ਹਾਂ  ਠੇਕੇਦਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸੰਸਾਰ ਪ੍ਰਸਿੱਧ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ’ਤੇ ਵੀ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸਾਹਿਤਕਾਰ ਦੀ ਪੰਜਾਬੀ ਬੋਲੀ ਲਈ ਵੱਡੀ ਦੇਣ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। -PTCNews

Related Post