SGPC ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ

By  Shanker Badra December 8th 2021 01:51 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਨਿਸ਼ਾਨ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, . ਕਾਬਲ ਸਿੰਘ ਆਦਿ ਮੌਜੂਦ ਸਨ।

ਇਸੇ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾ ਸਮੇਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਵੀ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।

-PTCNews

Related Post