SGPC ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ’ਚ ਮੈਰਿਟ ਹਾਸਲ ਕਰਨ ਵਾਲੇ 117 ਵਿਦਿਆਰਥੀ ਸਨਮਾਨਿਤ

By  Shanker Badra February 25th 2020 04:07 PM -- Updated: February 25th 2020 06:11 PM

SGPC ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ’ਚ ਮੈਰਿਟ ਹਾਸਲ ਕਰਨ ਵਾਲੇ 117 ਵਿਦਿਆਰਥੀ ਸਨਮਾਨਿਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

ਇਸ ਦੇ ਲਈ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਮਲਕੀਤ ਸਿੰਘ ਬਹਿੜਵਾਲ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ  ਹਰਜਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਇਹ ਸਨਮਾਨ ਦਿੱਤੇ।

ਇਸ ਦੌਰਾਨ ਧਾਰਮਿਕ ਪ੍ਰੀਖਿਆ ਵਿਭਾਗ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਭਾਰਤ ਅੰਦਰ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿੱਚੋਂ ਨਵੰਬਰ 2018 ਦੌਰਾਨ 117 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਲੈ ਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 117 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ 2100-2100 ਰੁਪਏ ਦੀ ਇਨਾਮੀ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੇ ਸਥਾਨ ਅਤੇ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

-PTCNews

Related Post