SGPC ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

By  Shanker Badra July 9th 2019 07:22 PM

SGPC ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਉਸਮਾਨ ਅਹਿਮਦ ਖਾਨ ਬੁਜ਼ਦਾਰ, ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਪੱਤਰ ਲਿਖਿਆ ਹੈ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਗਈ ਹੈ।

SGPC From Nankana Sahib Nagar Kirtan Preparations Continued
SGPC ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਜਾ ਰਹੇ ਇਸ ਇਤਿਹਾਸਕ ਨਗਰ ਕੀਰਤਨ ਲਈ ਤਿਆਰੀਆਂ ਜਾਰੀ ਹਨ, ਜਿਸ ਦੇ ਚੱਲਦਿਆਂ ਜਿਥੇ ਪਾਕਿਸਤਾਨ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ, ਉਥੇ ਹੀ ਸ਼ਰਧਾਲੂਆਂ ਦੇ ਵੀਜ਼ਿਆਂ ਲਈ ਵੀ ਕਾਰਵਾਈ ਆਰੰਭੀ ਗਈ ਹੈ।ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਇੰਦੇ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਤੋਂ ਪਹਿਲਾਂ ਅਗਾਊਂ ਪ੍ਰਬੰਧਾਂ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਗੀ ਜਥੇ, ਨਿਸ਼ਾਨਚੀ, ਨਗਾਰਚੀ ਵੀ ਭੇਜੇ ਜਾਣਗੇ। ਵਿਸ਼ੇਸ਼ ਤੌਰ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਨਗਾਰਾ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। ਉਨ੍ਹਾਂ ਪਾਕਿਸਤਾਨ ’ਚ ਵੱਸਣ ਵਾਲੇ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

SGPC From Nankana Sahib Nagar Kirtan Preparations Continued SGPC ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

ਭਾਈ ਲੌਂਗੋਵਾਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਤਿੰਨ ਸੈਮੀਨਾਰ ਕਰਵਾਉਣ ਦਾ ਵੀ ਪ੍ਰੋਗਰਾਮ ਤੈਅ ਹੈ। ਇਸ ਸਬੰਧ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਪੰਜਾਬ ਦੇ ਗਵਰਨਰ ਨਾਲ ਗੱਲਬਾਤ ਕਰ ਚੁੱਕੇ ਹਨ ਅਤੇ ਸਿੱਖ ਸਕਾਲਰਾਂ ਨਾਲ ਵੀ ਰਾਬਤਾ ਬਣਾਇਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

-PTCNews

Related Post