SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 8 ਨਵੰਬਰ ਨੂੰ ਕਰਵਾਇਆ ਜਾਵੇਗਾ ਅੰਤਰ ਧਰਮ ਸੰਵਾਦ ਸੰਮੇਲਨ

By  Shanker Badra November 6th 2019 05:55 PM

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 8 ਨਵੰਬਰ ਨੂੰ ਕਰਵਾਇਆ ਜਾਵੇਗਾ ਅੰਤਰ ਧਰਮ ਸੰਵਾਦ ਸੰਮੇਲਨ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਤਹਿਤ 8 ਨਵੰਬਰ 2019 ਨੂੰ ਅੰਤਰ ਧਰਮ ਸੰਵਾਦ ਸੰਮੇਲਨ ਕਰਵਾਇਆ ਜਾਵੇਗਾ। ਇਹ ਸੰਮੇਲਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਨਵੰਬਰ ਤੋਂ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਿਥੇ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਸਥਾਨ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸ੍ਰੀ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਅੰਤਰ ਧਰਮ ਸੰਵਾਦ ਸੰਮੇਲਨ ਵੀ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 8 ਨਵੰਬਰ ਨੂੰ ਸਵੇਰੇ 10:00 ਵਜੇ ਆਰੰਭ ਹੋਣ ਵਾਲੇ ਇਸ ਸੰਮੇਲਨ ਵਿਚ ਜਿਥੇ ਸਿੰਘ ਸਾਹਿਬਾਨ ਵਿਚਾਰਾਂ ਸਾਂਝੀਆਂ ਕਰਨਗੇ, ਉਥੇ ਹੀ ਵੱਖ-ਵੱਖ ਧਰਮਾਂ ਦੇ ਨੁਮਾਇੰਦੇ ਅਤੇ ਪ੍ਰਚਾਰਕ ਵੀ ਸ਼ਾਮਲ ਹੋਣਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹਿਣਗੇ। ਡਾ. ਰੂਪ ਸਿੰਘ ਅਨੁਸਾਰ ਇਸ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬਸਾਂਝੀ ਅਤੇ ਸਰਬਕਾਲੀ ਵਿਚਾਰਧਾਰਾ ਸਬੰਧੀ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦਾ ਮੰਤਵ ਗੁਰੂ ਸਾਹਿਬ ਦੀ ਸਦਭਾਵਨਾ ਤੇ ਵਿਸ਼ਵ ਸ਼ਾਂਤੀ ਦੀ ਵਿਚਾਰਧਾਰਾ ਨੂੰ ਵਿਚਾਰਨਾ ਹੈ।

-PTCNews

Related Post