ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ SGPC ਨੇ ਕੀਤੀ ਇਕੱਤਰਤਾ

By  Pardeep Singh October 17th 2022 04:39 PM

ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ। ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ। ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ 30 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਕੱਤਰਤਾ ਕਰਕੇ ਦਿਸ਼ਾ-ਨਿਰਦੇਸ਼ ਦਿੱਤੇ।

ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਦਰ 27 ਅਕਤੂਬਰ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਤ ਹੋਣਗੀਆਂ। ਇਸ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ। ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀਆਂ ਕਾਲਜਾਂ ਨਾਲ ਸਬੰਧਤ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਤਿਆਰ ਕਰਵਾਈਆਂ ਗਈਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਲਖਬੀਰ ਸਿੰਘ, ਕੁਲਦੀਪ ਸਿੰਘ ਰੋਡੇ, ਪਰਮਜੀਤ ਸਿੰਘ ਦੁਨੀਆਮਾਜਰਾ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ,  ਸਤਨਾਮ ਸਿੰਘ ਰਿਆੜ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਇੰਚਾਰਜ ਅਜ਼ਾਦਦੀਪ ਸਿੰਘ, ਮਨਜੀਤ ਸਿੰਘ, ਗੁਲਜ਼ਾਰ ਸਿੰਘ, ਰਜਵੰਤ ਸਿੰਘ, ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਐਸਡੀਓ ਜਤਿੰਦਰਪਾਲ ਸਿੰਘ ਰੋਡੇ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ;ਨਸ਼ੇ ਬਣੇ ਨਾਸੂਰ: ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਕੀਤੀ ਬਰਾਮਦ

-PTC News

Related Post